ਐਡਵੋਕੇਟ ਧਾਮੀ ਵਲੋਂ ਮੁੜ ਪ੍ਰਧਾਨਗੀ ਸੰਭਾਲਣ ਦੇ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਖੁਸ਼ੀ ਪ੍ਰਗਟ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਉਨ੍ਹਾਂ ਦੁਆਰਾ ਦਿੱਤਾ ਅਸਤੀਫਾ ਨਾ-ਮਨਜ਼ੂਰ ਕਰਨ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਮੁੜ ਅਹੁਦਾ ਸੰਭਾਲਣ ਦੇ ਐਲਾਨ ਉਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵਾਗਤ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਕੱਤਰ ਪ੍ਰਤਾਪ ਸਿੰਘ, ਓ.ਐਸ. ਡੀ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਐਡਵੋਕੇਟ ਧਾਮੀ ਸਿੱਖ ਪੰਥ ਦੀ ਨਿਰਵਿਵਾਦ ਤੇ ਇਮਾਨਦਾਰ ਅਕਸ ਵਾਲੀ ਸ਼ਖਸੀਅਤ ਹਨ ਅਤੇ ਉਨ੍ਹਾਂ ਵਲੋਂ ਮੁੜ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੇ ਫੈਸਲੇ ਤੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਮੁਲਾਜ਼ਮ ਖੁਸ਼ ਹਨ।