ਹਿਮਾਚਲ ਵਿਖੇ ਵਾਪਰੇ ਘਟਨਾਕ੍ਰਮ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਰੋਧ

ਚੰਡੀਗੜ੍ਹ, 18 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਹਿਮਾਚਲ ਪ੍ਰਦੇਸ਼ ਅਤੇ ਹੋਰ ਪਹਾੜੀ ਰਾਜਾਂ ਵਿਚ ਬੇਕਾਬੂ ਭੀੜ ਵਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਅਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸੰਬੰਧੀ ਡਾ. ਦਲਜੀਤ ਸਿੰਘ ਚੀਮਾ ਵਲੋਂ ਇਕ ਵੀਡੀਓ ਸਾਂਝੀ ਕੀਤੀ ਗਈ ਹੈ। ਪਾਰਟੀ ਨੇ ਸਾਰਿਆਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਡਾ. ਚੀਮਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਰੋਧੀ ਤੱਤਾਂ ਅਤੇ ਏਜੰਸੀਆਂ ਦੁਆਰਾ ਸਿੱਖ ਭਾਈਚਾਰੇ ਵਿਰੁੱਧ ਲਗਾਤਾਰ ਗਲਤ ਜਾਣਕਾਰੀ ਅਤੇ ਨਫ਼ਰਤ ਭਰੀ ਮੁਹਿੰਮ ਦਾ ਨਤੀਜਾ ਹਨ। ਉਨ੍ਹਾਂ ਦਾ ਉਦੇਸ਼ ਖੇਤਰ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਹੈ। ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਸੰਵੇਦਨਸ਼ੀਲ ਮੁੱਦੇ ’ਤੇ ਸਾਰੇ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨ ਦੀ ਅਪੀਲ ਕੀਤੀ ਕਿਉਂਕਿ ਇਹ ਘਟਨਾਵਾਂ ਬਹੁਤ ਭੜਕਾਊ ਹਨ ਅਤੇ ਗੁਆਂਢੀ ਰਾਜਾਂ ਦੇ ਲੋਕਾਂ ਵਿਚਕਾਰ ਸੁਹਿਰਦ ਸੰਬੰਧਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਸਾਰੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਧਾਰਮਿਕ ਚਿੰਨ੍ਹਾਂ ਅਤੇ ਪਰੰਪਰਾਵਾਂ ਅਤੇ ਅਜਿਹੀਆਂ ਭੜਕਾਊ ਘਟਨਾਵਾਂ ਦੇ ਨਤੀਜਿਆਂ ਤੋਂ ਜਾਣੂ ਕਰਵਾਉਣ ਲਈ ਇਕ ਵਿਧੀ ਵੀ ਵਿਕਸਤ ਕੀਤੀ ਜਾਣੀ ਚਾਹੀਦੀ ਹੈ।