ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ- ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਆਪਣੀਆਂ ਮੰਗਾਂ ਲਈ ਧਰਨਾ ਦੇ ਰਹੇ ਕਿਸਾਨ ਭਰਾਵਾਂ ਨੂੰ ਜ਼ਬਰੀ ਉਖੇੜ ਦਿੱਤਾ ਗਿਆ ਹੈ, ਜਿਸ ਦੀ ਅਸੀਂ ਡੱਟਵੀਂ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਬਰੀ ਚੁੱਕ ਕੇ ਹਿਰਾਸਤ ਵਿਚ ਲੈਣਾ, ਉਨ੍ਹਾਂ ਨਾਲ ਬੇਇਨਸਾਫ਼ੀ ਤੇ ਧੱਕਾ ਹੈ। ਇਸ ਤਰ੍ਹਾਂ ਦਾ ਰਵੱਈਆ ਬੇਇਤਫਾਕੀ, ਵਿਰੋਧਾਭਾਈ ਤੇ ਨਰਾਜ਼ਗੀ ਦਾ ਮਾਹੌਲ ਸਿਰਜਦਾ ਹੈ। ਸਰਕਾਰਾਂ ਨੂੰ ਰਾਹ ਖਾਲੀ ਕਰਵਾਉਣ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਰਵੱਈਆ ਵੀ ਠੀਕ ਨਹੀਂ ਹੈ। ਨਿਹੰਗ ਮੁਖੀ ਨੇ ਕਿਹਾ ਕਿਸਾਨਾਂ ਨਾਲ ਕੇਂਦਰ ਸਰਕਾਰ ਵਲੋਂ ਕੀਤੇ ਵਾਅਦੇ ਵਫ਼ਾ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਧੱਕੇਸ਼ਾਹੀ ਵਾਲਾ ਰਵੱਈਆ ਛੱਡ ਕੇ ਕਿਸਾਨਾਂ ਨਾਲ ਹਮਦਰਦੀ ਪੂਰਨ ਮਾਹੌਲ ਸਿਰਜੇ ਅਤੇ ਉਨ੍ਹਾਂ ਨਾਲ ਬੈਠ ਕੇ ਮਸਲੇ ਹੱਲ ਕਰੇ।