ਬਟਾਲਾ 'ਚ ਪੁਲਿਸ ਨੇ ਨਸ਼ਾ ਤਕਸਰ ਜੀਵਨ ਕੁਮਾਰ ਦੀ ਕੋਠੀ ਢਾਹੀ

ਬਟਾਲਾ, 20 ਮਾਰਚ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ ਜੇ.ਸੀ.ਬੀ. ਮਸ਼ੀਨਾਂ ਲਗਾ ਕੇ ਢਾਹ ਦਿੱਤੀ। ਇਸ ਮੌਕੇ ਬਟਾਲਾ ਦੇ ਐਸ.ਐਸ.ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ’ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ 'ਤੇ ਲੱਗੀਆਂ ਧਾਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪੱਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿਚ ਲੰਮੇ ਸਮੇਂ ਤੋਂ ਸ਼ਾਮਿਲ ਹਨ। ਐਸ.ਐਸ.ਪੀ. ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ-ਕਾਨੂੰਨੀ ਕਾਰਵਾਈ ਵਿਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ।