ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਥੇਦਾਰ ਗੜਗੱਜ

ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਅੱਜ ਲੁਧਿਆਣਾ ਦੇ ਪੁਰਾਣੀ ਸਬਜ਼ੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵਲੋਂ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ, ਜਿਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਅਹਿਮ ਐਲਾਨ ਕੀਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਬੇਹੱਦ ਚਿੰਤਤ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਿਤੇ ਵੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿਚ ਕਮੀ ਆਉਂਦੀ ਹੈ ਅਤੇ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਉਸ ਉੱਤੇ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲੇ ਵਿਚ ਭਾਵੇਂ ਸ਼ਿਕਾਇਤ ਆਵੇ ਜਾਂ ਨਾ ਪਰ ਘਟਨਾ ਵਾਪਰਨ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਪ ਕਾਰਵਾਈ ਅੱਗੇ ਵਧਾਏਗਾ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਿਯਾਦਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਅਤੇ ਸ਼੍ਰੋਮਣੀ ਕਮੇਟੀ ਵਲੋਂ ਤੈਅ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਏਕਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਅੱਜ ਜੋ ਚੁਣੌਤੀਆਂ ਹਨ, ਉਨ੍ਹਾਂ ਦਾ ਟਾਕਰਾ ਗੁਰੂ ਦੇ ਇਕਜੁੱਟਤਾ ਵਾਲੇ ਸਿਧਾਂਤ ਨਾਲ ਹੀ ਸੰਭਵ ਹੈ।
ਅੰਤ ਵਿਚ ਉਨ੍ਹਾਂ ਖ਼ਾਲਸਾ ਪੰਥ ਨੂੰ ਵਚਨ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਨੂੰ ਜਾਨੋਂ ਵੱਧ ਪਿਆਰੇ ਹਨ ਅਤੇ ਜਿਹੜੀਆਂ ਵੀ ਪੰਥ-ਵਿਰੋਧੀ ਤਾਕਤਾਂ ਇਨ੍ਹਾਂ ਗੁਰੂ ਘਰਾਂ ਉੱਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਹਰ ਸਿੱਖ ਨੂੰ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਥ ਨੂੰ ਵੰਡਣ ਵਾਲੀਆਂ ਸ਼ਕਤੀਆਂ ਜਿੰਨਾ ਮਰਜ਼ੀ ਵੰਡਣ ਦੀਆਂ ਕੋਸ਼ਿਸ਼ਾਂ ਕਰ ਲੈਣ ਪਰ ਗੁਰੂ ਦਾ ਪੰਥ ਇਨ੍ਹਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ ਅਤੇ ਇਕਜੁੱਟਤਾ ਨਾਲ ਟਾਕਰਾ ਕਰੇਗਾ।