ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 25 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੇ ਜਥੇਦਾਰ ਗੜਗੱਜ ਨੂੰ ਸਮੁੱਚੀ ਘਟਨਾ ਦੇ ਵੇਰਵੇ ਵਿਸਥਾਰ ਵਿਚ ਸਾਂਝੇ ਕੀਤੇ ਕਿ ਕਿਵੇਂ 31 ਜਨਵਰੀ 2017 ਨੂੰ ਉਨ੍ਹਾਂ ਦੇ ਮੁਹੱਲੇ ਵਿਚ ਇਕ ਸਿਆਸੀ ਰੈਲੀ ਦੇ ਦੌਰਾਨ ਬੰਬ ਧਮਾਕਾ ਹੋਇਆ, ਜਿਸ ਵਿਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਆਪਣੇ ਮੁਹੱਲੇ ਵਿਚ ਖੇਡ ਰਹੇ ਸਨ, ਜਦੋਂ ਉੱਥੇ ਕਰਵਾਈ ਇਕ ਸਿਆਸੀ ਰੈਲੀ ਦੇ ਨੇੜੇ ਬੰਬ ਧਮਾਕਾ ਹੋਇਆ। ਜਥੇਦਾਰ ਗੜਗੱਜ ਨੇ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਦੇਣ ਦੀ ਗੱਲ ਕਰਦਿਆਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਅੱਜ ਤੱਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਤੱਕ ਕਿਉਂ ਨਹੀਂ ਪਹੁੰਚ ਸਕੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਕੇਸ ਨਾਲ ਸਬੰਧਤ ਜਾਂਚ ਰਿਪੋਰਟਾਂ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਜਿਸ ਗੱਡੀ ਵਿਚ ਬੰਬ ਧਮਾਕਾ ਹੋਇਆ ਸੀ, ਉਹ ਡੇਰਾ ਸਿਰਸਾ ਦੇ ਇਕ ਡੇਰੇ ਵਿਚ ਤਿਆਰ ਹੋਈ ਸੀ ਪਰ ਫਿਰ ਵੀ ਦੋਸ਼ੀਆਂ ਨੂੰ ਬਚਾਇਆ ਰਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਿੰਨਾ ਚਿਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ, ਇਨ੍ਹਾਂ ਦੀ ਆਵਾਜ਼ ਸਮੁੱਚੇ ਪੰਥ ਅਤੇ ਪੰਜਾਬ ਨੂੰ ਨਾਲ ਲੈ ਕੇ ਚੁੱਕੀ ਜਾਵੇਗੀ।