ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫਤਿਹਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋ ਕੇ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਨੂੰ ਅਕੀਦਤ ਭੇਂਟ ਕਰਦੇ ਹੋਏ ਪੰਥ ਦੀ ਚੜ੍ਹਦੀ ਕਲਾ ਅਤੇ ਪੰਥ ਵਿਚ ਹਮੇਸ਼ਾ ਪ੍ਰੇਮ ਪਿਆਰ, ਏਕਤਾ ਬਣੇ ਰਹਿਣ ਦੀ ਅਰਦਾਸ ਕੀਤੀ। ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਫਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਪਹੁੰਚਣ ਤੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਸਰਹੰਦ ਦੀਆਂ ਦੀਵਾਰਾਂ ਹਮੇਸ਼ਾ ਸਿੱਖ ਪੰਥ ਨੂੰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਧਰਮ ਅਤੇ ਸੱਚ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੰਦੀ ਰਹੇਗੀ।