ਸ਼ਹਿਰ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ - ਸਿਟੀ ਇੰਚਾਰਜ ਬਲਜੀਤ ਢਿੱਲੋਂ

ਤਪਾ ਮੰਡੀ, 29 ਮਾਰਚ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਮੁਹੰਮਦ ਸਰਫ਼ਰਾਜ਼ ਅਤੇ ਡੀ.ਐਸ.ਪੀ. ਗੁਰਬਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਜੇਕਰ ਕੋਈ ਸ਼ਹਿਰ ਅੰਦਰ ਨਸ਼ਾ ਵੇਚਦਾ ਕਾਬੂ ਆ ਗਿਆ, ਉਸਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਕਿਉਂਕਿ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਗਈ ਹੈ, ਉਸ ਤਹਿਤ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਫੜਨ ਲਈ ਕਾਸੋ ਆਪਰੇਸ਼ਨ ਤਹਿਤ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਿਆਂ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕਿਆ ਜਾਵੇ। ਸਿਟੀ ਇੰਚਾਰਜ ਢਿੱਲੋਂ ਨੇ ਕਿਹਾ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿਚ ਬਹਾਲ ਰੱਖਿਆ ਜਾਵੇਗਾ। ਉਨ੍ਹਾਂ ਬੁਲਟ ਮੋਟਰਸਾਈਕਲ ਉਤੇ ਪਟਾਕੇ ਪਾਉਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।