ਜ਼ਿਲ੍ਹਾ ਸੰਗਰੂਰ ਵਿਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 9 ਵਜੇ ਤੱਕ ਕਣਕ ਕੱਟਣ ’ਤੇ ਪਾਬੰਦੀ

ਸੰਗਰੂਰ, 30 ਮਾਰਚ (ਧੀਰਜ ਪਸ਼ੌਰੀਆ ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 9 ਵਜੇ ਤੱਕ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਖੇਤਾਂ ਵਿਚ ਖੜ੍ਹੇ ਸੁੱਕੇ ਕਰਚਿਆਂ ਨੂੰ ਅੱਗ ਲਗਾਉਣ ਉਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਜ਼ਿਲ੍ਹਾ ਸੰਗਰੂਰ ਅੰਦਰ ਕਣਕ ਕੱਟਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਿਦਾਇਤ ਕੀਤੀ ਹੈ ਕਿ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਭਾਗ (ਮੁੱਖ ਖੇਤੀਬਾੜੀ ਅਫ਼ਸਰ) ਤੋਂ ਜਾਂਚ ਕਰਵਾਈ ਜਾਵੇ ਤਾਂ ਕਿ ਕਣਕ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ। ਹੁਕਮਾਂ ’ਚ ਕਿਹਾ ਗਿਆ ਹੈ ਕਿ ਪਿਛਲੇ ਸਾਲਾਂ ਦੇ ਤਜਰਬੇ ਤੋਂ ਵੇਖਣ ਵਿਚ ਆਇਆ ਹੈ ਕਿ ਕਣਕ ਦੀ ਕਟਾਈ ਰਾਤ ਸਮੇਂ ਕਰਨ ਨਾਲ ਕਣਕ ਵਿਚ ਸਲ੍ਹਾਬ/ ਨਮੀ ਰਹਿ ਜਾਂਦੀ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਉਸ ਦੀ ਖ਼ਰੀਦ ਨਾ ਕਰਨ 'ਤੇ ਕਾਨੂੰਨ ਦੀ ਸਥਿਤੀ ਖ਼ਰੀਦ ਹੋਣ ਦਾ ਡਰ ਰਹਿੰਦਾ ਹੈ। ਇਸੇ ਤਰ੍ਹਾਂ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਖੜ੍ਹੇ ਸੁੱਕੇ ਕਰਚਿਆਂ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਪ੍ਰਦੂਸ਼ਣ ਹੁੰਦਾ ਹੈ ਬਲਕਿ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ। ਇਸ ਦੇ ਇਲਾਵਾ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਕਣਕ ਦੇ ਦਾਣਿਆਂ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ। ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ ਜਿਸ ਕਰਕੇ ਖ਼ਰੀਦ ਏਜੰਸੀਆਂ ਅਜਿਹੀ ਕਣਕ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ ਅਤੇ ਇਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਖ਼ਤਰਾ ਪੈਦਾ ਹੁੰਦਾ ਹੈ। ਇਹ ਹੁਕਮ 1 ਅਪ੍ਰੈਲ 2025 ਤੋਂ 31 ਮਈ 2025 ਤੱਕ ਲਾਗੂ ਰਹਿਣਗੇ।