ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ’ਤੇ ਲਿਖੇ ਖ਼ਾਲਿਸਤਾਨੀ ਨਾਅਰੇ, ਭਾਈਚਾਰੇ ’ਚ ਰੋਸ

ਫਿਲੌਰ, (ਜਲੰਧਰ), 31 ਮਾਰਚ- ਫਿਲੌਰ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਤਵੰਤ ਸਿੰਘ ਪਨੂੰ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਪੰਨੂ ਨੇ ਇਸ ਸੰਬੰਧੀ ਇਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਵਿਚ ਗਲਤ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਜਿਸ ਕਾਰਨ ਐਸ.ਸੀ. ਭਾਈਚਾਰੇ ਵਿਚ ਭਾਰੀ ਰੋਸ ਹੈ। ਦੂਜੇ ਪਾਸੇ, ਦਲਿਤ ਭਾਈਚਾਰੇ ਨੇ ਕਿਹਾ ਕਿ ਉਹ ਬਾਬਾ ਸਾਹਿਬ ਦੇ ਬੁੱਤ ’ਤੇ ਖਾਲਿਸਤਾਨੀ ਨਾਅਰੇ ਲਗਾਉਣ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਇਸ ਮਾਮਲੇ ਵਿਚ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਭਵਿੱਖ ਵਿਚ ਬਾਬਾ ਸਾਹਿਬ ਦੇ ਬੁੱਤ ਦਾ ਇਸ ਤਰ੍ਹਾਂ ਅਪਮਾਨ ਹੁੰਦਾ ਰਿਹਾ ਤਾਂ ਬਸਪਾ ਪਾਰਟੀ ਆਉਣ ਵਾਲੇ ਦਿਨਾਂ ਵਿਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰ ਸਕਦੀ ਹੈ। ਉਨ੍ਹਾਂ ਪੁਲਿਸ ਨੂੰ ਇਸ ਮਾਮਲੇ ਵਿਚ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।