ਕਿਸਾਨਾਂ ਵਲੋਂ 4 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਪੁਤਲੇ ਫੂਕਣ ਦਾ ਐਲਾਨ

ਲੁਧਿਆਣਾ, 2 ਅਪ੍ਰੈਲ (ਰੂਪੇਸ਼ ਕੁਮਾਰ) - ਅਮਰੀਕਾ ਦੀ ਟਰੇਡ ਨੀਤੀ ਦੇ ਖ਼ਿਲਾਫ਼ ਕਿਸਾਨਾਂ ਨੇ ਸੜਕਾਂ 'ਤੇ ਉਤਰਨ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ ਲੁਧਿਆਣਾ ਵਿਚ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਚਾਰ ਅਪ੍ਰੈਲ ਨੂੰ ਤਹਿਸੀਲ ਅਤੇ ਬਲਾਕ ਪੱਧਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ।ਐਸਕੇਐਮ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ, ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਦੇ ਉਤਪਾਦਾਂ ਨੂੰ ਭਾਰਤ ਵਿਚ ਲਿਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ, ਜਿਸ ਨਾਲ ਇੱਥੋਂ ਦੀ ਖੇਤੀ ਅਤੇ ਇਥੋਂ ਦਾ ਵਪਾਰ ਬਰਬਾਦ ਹੋ ਜਾਵੇਗਾ ਅਤੇ ਵੱਡੀ ਗਿਣਤੀ 'ਚ ਬਹੁਤ ਬੇਰੁਜ਼ਗਾਰ ਹੋਣਗੇ, ਜਿਸ ਦਾ ਉਹ ਵਿਰੋਧ ਕਰਦੇ ਹਨ।