ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਫਿਲੌਰ, (ਜਲੰਧਰ), 3 ਅਪ੍ਰੈਲ- ਫਿਲੌਰ ਗੁਰਇਆ ਹਾਈਵੇ ’ਤੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫਿਲੌਰ ਗੁਰਇਆ ਦੇ ਵਿਚਕਾਰ ਪਿੰਡ ਦੁਸਾਂਝ ਖੁਰਦ ਹਾਈਵੇ ’ਤੇ ਇਕ ਮੋਟਰਸਾਈਕਲ ਸਵਾਰ ਦੀ ਕਿਨਾਰੇ ’ਤੇ ਲੱਗੀ ਰੇਲਿੰਗ ਨਾਲ ਟਕਰਾਉਣ ਨਾਲ ਮੌਤ ਹੋ ਗਈ। ਮੁਲਾਜ਼ਮਾਂ ਨੇ ਮੋਟਰਸਾਈਕਲ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਥਾਣਾ ਫਿਲੌਰ ਵਿਖੇ ਸੂਚਿਤ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਪਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਵਾਹੜੇਵਾਲ ਥਾਣਾ ਲਾਡੂਵਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਮੰਡ ਵਿਚ ਹੈ, ਜਿਸ ਦੀ ਵਹਾਈ ਇਹ ਵਿਅਕਤੀ ਕਰਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵਿਦੇਸ਼ ਵਿਚ ਹਨ, ਜਿਨ੍ਹਾਂ ਦੇ ਆਉਣ ’ਤੇ ਉਹਨਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾ ਕੇ ਅਗਲੇਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।