JALANDHAR WEATHER

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟ-ਗਿਣਤੀਆਂ ਨਾਲ ਸੰਬੰਧਿਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸੰਬੰਧਿਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ। ਉਨ੍ਹਾਂ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ ਘੱਟਗਿਣਤੀਆਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਪ੍ਰਬੰਧਾਂ ਨੂੰ ਆਪਣੇ ਅਨੁਸਾਰ ਚਲਾਉਣ ਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਘੱਟ-ਗਿਣਤੀਆਂ ਦੇ ਹੱਕ-ਹਕੂਕ ਸੁਰੱਖਿਅਤ ਰੱਖਣ ਦੀ ਹਾਮੀ ਰਹੀ ਹੈ ਅਤੇ ਉਹ ਘੱਟਗਿਣਤੀ ਭਾਈਚਾਰੇ ਦੇ ਹੱਕਾਂ ਖਿਲਾਫ਼ ਲਏ ਗਏ ਕਿਸੇ ਵੀ ਫੈਸਲੇ ਦਾ ਵਿਰੋਧ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਘੱਟਗਿਣਤੀਆਂ ਨੂੰ ਦਬਾਉਣ ਦੀ ਨੀਤੀ ਤਹਿਤ ਦੇਸ਼ ਅੰਦਰ ਯੂਨੀਫਾਰਮ ਸਿਵਲ ਕੋਡ ਲਿਆਂਦਾ ਸੀ, ਜੋ ਵੱਖ-ਵੱਖ ਕੌਮਾਂ, ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਘੱਟ-ਗਿਣਤੀਆਂ ਨਾਲ ਸੰਬੰਧਿਤ ਮਾਮਲਿਆਂ ਵਿਚ ਅਜਿਹੀ ਨੀਤੀ ਠੀਕ ਨਹੀਂ ਹੈ। ਸਰਕਾਰ ਨੂੰ ਇਹ ਬਿੱਲ ਵਾਪਸ ਲੈਣਾ ਚਾਹੀਦਾ ਹੈ ਅਤੇ ਘੱਟਗਿਣਤੀਆਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰਾ ਕੀਤੇ ਬਿਨਾਂ ਅਜਿਹੇ ਕਿਸੇ ਵੀ ਫੈਸਲੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ