ਕਾਂਗਰਸ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਐਲਾਨਿਆ ਉਮੀਦਵਾਰ

ਲੁਧਿਆਣਾ ,4 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ) -ਕਾਂਗਰਸ ਪਾਰਟੀ ਵਲੋਂ ਲੁਧਿਆਣਾ ਪਛਮੀ ਦੀ ਹੋ ਰਹੀ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ । ਇਹ ਸੀਟ ਜਨਵਰੀ ਮਹੀਨੇ ਵਿਚ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ । ਜ਼ਿਮਨੀ ਚੋਣ ਦਾ ਐਲਾਨ ਕੁਝ ਦਿਨਾਂ ਬਾਅਦ ਅਜੇ ਕੀਤਾ ਜਾਣਾ ਹੈ । ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਬਸੀ ਵਲੋਂ ਹਰਾਇਆ ਗਿਆ ਸੀ । ਉਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਭਾਰਤ ਭੂਸ਼ਨ ਆਸ਼ੂ ਖ਼ਿਲਾਫ਼ ਕੇਸ ਵੀ ਦਰਜ ਕੀਤੇ ਗਏ ਸਨ ਪਰ ਕੁਝ ਸਮਾਂ ਪਹਿਲਾਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਰਟ ਵਲੋਂ ਆਸ਼ੂ ਖ਼ਿਲਾਫ਼ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਸਨ । ਭਾਰਤ ਭੂਸ਼ਣ ਆਸ਼ੂ ਦੀ ਟਿਕਟ ਸੰਬੰਧੀ ਅੱਜ ਰਾਤ ਹੀ ਪਾਰਟੀ ਵਲੋਂ ਐਲਾਨ ਕੀਤਾ ਗਿਆ ਹੈ । ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਹਾਲ ਦੀ ਘੜੀ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ।