ਕਾਰ ਵਲੋਂ ਟੱਕਰ ਮਾਰਨ ਕਾਰਨ ਸਾਈਕਲ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ

ਕਪੂਰਥਲਾ, 7 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਖੀਰਾਂਵਾਲੀ ਨੇੜੇ ਕਾਰ ਵਲੋਂ ਸਾਈਕਲ ਸਵਾਰ ਬਜ਼ੁਰਗ ਨੂੰ ਟੱਕਰ ਮਾਰੇ ਜਾਣ ਕਾਰਨ ਸਾਈਕਲ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਖੀਰਾਂਵਾਲੀ ਨੇੜੇ ਕਾਰ ਵਲੋਂ ਸਾਈਕਲ ਸਵਾਰ ਹਰਭਜਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖੀਰਾਂਵਾਲੀ ਨੂੰ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ ਤਾਂ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।