ਪੰਜਾਬ 'ਚ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ - ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 10 ਅਪ੍ਰੈਲ (ਅਜਾਇਬ ਔਜਲਾ)-ਪੰਜਾਬ ਵਿਚ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਚਾਹੇ ਉਹ ਕਿੰਨਾ ਵੀ ਵੱਡਾ ਵਿਅਕਤੀ ਹੋਵੇ। ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਦੁਨੀਆ ਵਿਚ ਬੈਠੇ ਵੱਖ-ਵੱਖ ਥਾਵਾਂ ਉਤੇ ਪੰਨੂ ਜਿਹੇ ਵਿਅਕਤੀਆਂ ਨੂੰ ਫੜ ਕੇ ਭਾਰਤ ਲਿਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਉਤੇ ਭਾਰਤ ਦੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਇਕ ਵੱਡੀ ਮੁਹਿੰਮ ਆਰੰਭੀ ਹੈ ਤੇ ਪੰਜਾਬ ਭਾਰਤ ਦਾ ਇਹ ਅਜਿਹਾ ਪਹਿਲਾ ਸੂਬਾ ਹੈ ਜਿਥੇ ਇਸ ਤਰ੍ਹਾਂ ਦੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਕਾਰਗਰ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਬੀਤੇ ਦਿਨ ਅੰਮ੍ਰਿਤਸਰ ਵਿਖੇ ਹਰਿਆਣਾ ਫੋਰਸ ਨਾਲ ਸੰਬੰਧਿਤ ਇਕ ਵਿਅਕਤੀ ਤੋਂ 4 ਕਿਲੋ ਹੈਰੋਇਨ ਫੜੀ ਜਾਣਾ ਹੋਰ ਵੀ ਚਿੰਤਾ ਦਾ ਵਿਸ਼ਾ ਹੈ।