JALANDHAR WEATHER

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਖਾਲਸਾ ਸਾਜਨਾ ਦਿਵਸ ਸਮਾਗਮਾਂ ਦੀ ਹੋਈ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਜੇ. ਐਸ. ਨਿੱਕੂਵਾਲ/ ਕਰਨੈਲ ਸਿੰਘ)- ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਖਾਲਸਾ ਸਾਜਨਾ ਦਿਵਸ ਵਿਸਾਖੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਸਾਰਿਆਂ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸਵੇਰੇ 9 ਵਜੇ ਪਾਏ ਜਾਣਗੇ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੁੰਮ ਹੁਮਾ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛੱਕਣ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ 12 ਅਪ੍ਰੈਲ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਪੰਜ ਪਿਆਰੇ ਸਾਹਿਬਾਨਾਂ ਦੀ ਯਾਦ ਵਿਚ ਪੰਜ ਬੂੰਗੇ ਸਥਾਪਿਤ ਕੀਤੇ ਜਾਣਗੇ। ਇਸ ਤੋਂ ਬਿਨ੍ਹਾਂ ਅੱਜ ਅਤੇ ਭਲਕੇ ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਦੇ ਮਹਾਨ ਪੁਰਬ ’ਤੇ ਸਿੱਖ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਗਤਕਿਆ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਮੈਨੇਜਰ ਮਲਕੀਤ ਸਿੰਘ ਵਧੀਕ ਮੈਨੇਜਰ ਹਰਦੇਵ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ