ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ, ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਦਾ ਹੋਇਆ ਨੁਕਸਾਨ

ਦਿੜਬਾ ਮੰਡੀ , 13 ਅਪ੍ਰੈਲ (ਜਸਵੀਰ ਸਿੰਘ ਔਜਲਾ )- ਕਣਕ ਦੀ ਫ਼ਸਲ 'ਤੇ ਹੋਈ ਗੜੇਮਾਰੀ ਦੇ ਕਾਰਨ ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਕਈ ਪਿੰਡਾਂ ਵਿਚ ਵੱਡੇ ਪੱਧਰ 'ਤੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ।ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਇਕਾਈ ਪ੍ਰਧਾਨ ਜਸਵੰਤ ਸਿੰਘ ਰੋਡੇ ਨੇ ਦੱਸਿਆ ਕਿ ਕਈ ਕਿਸਾਨਾਂ ਵਲੋਂ ਠੇਕੇ 'ਤੇ ਜ਼ਮੀਨ ਲੈ ਕੇ ਫ਼ਸਲ ਦੀ ਬਿਜਾਈ ਕੀਤੀ ਗਈ ਸੀ ਪਰ ਕਣਕ ਦੀ ਕਟਾਈ ਕਰਨ ਤੋਂ ਪਹਿਲਾਂ ਹੀ ਕੁਦਰਤ ਦੀ ਮਾਰ ਹੇਠ ਕਿਸਾਨ ਆ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਉਨ੍ਹਾਂ ਦੇ ਖੇਤਾਂ ਵਿਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।