ਵਿਸਾਖੀ ਜੋੜ ਮੇਲਾ- ਸ਼੍ਰੋਮਣੀ ਕਮੇਟੀ ਨੇ ਸਜਾਇਆ ਮਹੱਲਾ


ਤਲਵੰਡੀ ਸਾਬੋ, (ਬਠਿੰਡਾ), 14 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਖਾਲਸਾ ਸਾਜਨਾ ਦਿਵਸ ਮੌਕੇ ਵਿਸਾਖੀ ਜੋੜ ਮੇਲੇ ਦੇ ਚੌਥੇ ਦਿਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਮਹੱਲਾ ਸਜਾਇਆ ਹੈ। ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਅਰਦਾਸ ਉਪਰੰਤ ਮਹੱਲੇ ਦੀ ਆਰੰਭਤਾ ਹੋਈ। ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਗੁਰਦੁਆਰਾ ਮਹੱਲਸਰ ਸਾਹਿਬ ਮੱਥਾ ਟੇਕਣ ਉਪਰੰਤ ਤਖ਼ਤ ਸਾਹਿਬ ਵਾਪਿਸ ਪੁੱਜ ਕੇ ਮਹੱਲਾ ਸਮਾਪਤ ਹੋਵੇਗਾ ਜਦੋਂਕਿ ਬਾਅਦ ਦੁਪਹਿਰ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਸਜਾਉਣ ਉਪਰੰਤ ਵਿਸਾਖੀ ਜੋੜ ਮੇਲਾ ਰਸਮੀ ਤੌਰ ’ਤੇ ਸਮਾਪਤ ਹੋ ਜਾਵੇਗਾ।