JALANDHAR WEATHER

'ਆਪ' ਸਰਕਾਰ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ - ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਾਕਟਰ ਅੰਬੇਡਕਰ ਵਲੋਂ ਲਏ ਗਏ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜਿਥੇ ਇਸ ਸਰਕਾਰ ਵਿਚ ਪਹਿਲਾਂ ਅਨੁਸੂਚਿਤ ਜਾਤੀ ਭਾਈਚਾਰੇ ਵਿਚੋਂ ਛੇ ਮੰਤਰੀ ਵੱਡੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਉਥੇ ਹੁਣ ਪੰਜਾਬ ਸਰਕਾਰ ਨੇ ਰਾਜ ਦੇ ਕਾਨੂੰਨੀ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਜਨਰਲ ਦੇ ਦਫਤਰ ਵਿਚ ਰੱਖੇ ਜਾਣ ਵਾਲੇ ਵੱਖ-ਵੱਖ ਖੇਤਰਾਂ ਦੇ ਮਾਹਿਰ ਵਕੀਲਾਂ ਵਿਚ ਵੀ ਰਾਖਵਾਂਕਰਨ ਦੀ ਸਹੂਲਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਵਿਚ ਪਹਿਲੀ ਵਾਰ ਕੀਤਾ ਗਿਆ ਹੈ।
ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੋ ਕਿ ਚੋਣਾਂ ਤੋਂ ਪਹਿਲਾਂ ਹਮੇਸ਼ਾ ਪ੍ਰਚਾਰ ਵੇਲੇ ਕਵਿਤਾ "ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ" ਗਾਉਂਦੇ ਹੁੰਦੇ ਸਨ, ਨੇ ਕੁਰਸੀ ਉੱਤੇ ਬੈਠਣ ਵਾਲੇ ਦਿਨ ਤੋਂ ਹੀ ਇਨ੍ਹਾਂ ਪੱਛੜੇ ਵਰਗਾਂ ਦੀ ਭਲਾਈ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਦਾ ਸਿੱਟਾ ਇਹ ਹੋਇਆ ਕਿ ਅਨੁਸੂਚਿਤ ਜਾਤੀ ਵਰਗ ਦੇ ਬੱਚਿਆਂ ਨੂੰ ਮਿਲਣ ਵਾਲੀ ਵਜ਼ੀਫੇ ਦੀ ਰਾਸ਼ੀ ਬਿਨਾਂ ਕਿਸੇ ਰੋਕ-ਟੋਕ ਤੋਂ ਮਿਲਣ ਲੱਗੀ। ਇਸ ਤੋਂ ਇਲਾਵਾ ਹਰੇਕ ਸਰਕਾਰੀ ਨੌਕਰੀ ਵਿਚ ਪਿਆ ਭਾਈਚਾਰੇ ਦਾ ਬੈਕਲਾਗ ਪਹਿਲ ਦੇ ਆਧਾਰ ਉੱਤੇ ਭਰਿਆ ਗਿਆ ਅਤੇ ਹੁਣ ਐਡਵੋਕੇਟ ਜਨਰਲ ਦੇ ਦਫਤਰ ਵਿਚ ਵੀ ਭਾਈਚਾਰੇ ਨੂੰ ਰਾਖਵਾਂਕਰਨ ਦੀ ਸਹੂਲਤ ਦੇ ਕੇ ਉਨ੍ਹਾਂ ਨੇ ਇਕ ਮਿਸਾਲ ਕਾਇਮ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਬਾਬਾ ਸਾਹਿਬ ਅੰਬੇਡਕਰ ਜੀ ਦਾ ਜਨਮ ਦਿਹਾੜਾ ਵੀ ਪਾਰਟੀ ਦਫਤਰ ਵਿਚ ਲੋਕਾਂ ਨਾਲ ਲੱਡੂ ਵੰਡ ਕੇ ਮਨਾਇਆ ਅਤੇ ਸਾਰਿਆਂ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ