ਵਕਫ਼ ਐਕਟ ਵਿਰੁੱਧ ਦਾਇਰ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਨਵੀਂ ਦਿੱਲੀ, 16 ਅਪ੍ਰੈਲ- ਸੁਪਰੀਮ ਕੋਰਟ ਅੱਜ ਵਕਫ਼ ਐਕਟ ਵਿਰੁੱਧ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਸੀ.ਜੇ.ਆਈ. ਸੰਜੀਵ ਖੰਨਾ ਅਤੇ ਜਸਟਿਸ ਪੀ.ਵੀ. ਸੰਜੇ ਕੁਮਾਰ ਦੀ ਬੈਂਚ ਦੁਪਹਿਰ 2 ਵਜੇ ਤੋਂ ਵਕਫ਼ ਬੋਰਡ ਦੇ ਹੱਕ ਅਤੇ ਖਿਲਾਫ਼ ਦਾਇਰ ਪਟੀਸ਼ਨਾਂ ’ਤੇ ਦਲੀਲਾਂ ਸੁਣੇਗੀ। ਭਾਵੇਂ ਸੀ.ਜੇ.ਆਈ. ਦੀ ਅਗਵਾਈ ਵਾਲੇ ਬੈਂਚ ਸਾਹਮਣੇ ਸਿਰਫ਼ 10 ਪਟੀਸ਼ਨਾਂ ਸੂਚੀਬੱਧ ਕੀਤੀਆਂ ਗਈਆਂ ਹਨ, ਪਰ ਧਾਰਮਿਕ ਸੰਸਥਾਵਾਂ, ਸੰਸਦ ਮੈਂਬਰਾਂ, ਰਾਜਨੀਤਿਕ ਪਾਰਟੀਆਂ ਅਤੇ ਰਾਜਾਂ ਦੁਆਰਾ ਵਕਫ਼ ਐਕਟ ਵਿਰੁੱਧ 70 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਹਾਲਾਂਕਿ, ਹਰਿਆਣਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਛੱਤੀਸਗੜ੍ਹ, ਉੱਤਰਾਖੰਡ ਅਤੇ ਅਸਾਮ ਸਮੇਤ 7 ਰਾਜਾਂ ਨੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਦਲੀਲ ਦਿੱਤੀ ਗਈ ਹੈ ਕਿ ਵਕਫ਼ ਬੋਰਡ ਸੋਧ ਐਕਟ 2025 ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਦਰਅਸਲ, 4 ਅਪ੍ਰੈਲ ਨੂੰ ਸੰਸਦ ਦੁਆਰਾ ਪਾਸ ਕੀਤੇ ਗਏ ਵਕਫ਼ ਬੋਰਡ ਸੋਧ ਬਿੱਲ ਨੂੰ 5 ਅਪ੍ਰੈਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ। ਸਰਕਾਰ ਨੇ 8 ਅਪ੍ਰੈਲ ਤੋਂ ਐਕਟ ਨੂੰ ਲਾਗੂ ਕਰਨ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ। ਉਦੋਂ ਤੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।