ਵਕਫ਼ ਕਾਨੂੰਨ ਨੂੰ ਲੈ ਕੇ ਮੁਰਸ਼ਿਦਾਬਾਦ ਵਿਚ ਹਿੰਸਾ - ਸੁਪਰੀਮ ਕੋਰਟ ਵਿਚ ਅੱਜ ਸੁਣਵਾਈ

ਨਵੀਂ ਦਿੱਲੀ, 21 ਅਪ੍ਰੈਲ- ਸੁਪਰੀਮ ਕੋਰਟ ਅੱਜ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿਚ ਨਵੇਂ ਵਕਫ਼ ਐਕਟ ਦੇ ਵਿਰੋਧ ਵਿਚ ਹੋਈ ਹਿੰਸਾ ਨਾਲ ਸੰਬੰਧਿਤ ਪਟੀਸ਼ਨ ’ਤੇ ਸੁਣਵਾਈ ਕਰੇਗਾ। ਇਹ ਪਟੀਸ਼ਨ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਵਲੋਂ ਦਾਇਰ ਕੀਤੀ ਗਈ ਹੈ, ਜਿਸ ਵਿਚ ਇਹ ਮੰਗ ਕੀਤੀ ਗਈ ਹੈ ਕਿ ਹਿੰਸਾ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਕੀਤੀ ਜਾਵੇ। ਇਸ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਪੰਜ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਦੇ ਗਠਨ ਦੀ ਮੰਗ ਵੀ ਕੀਤੀ ਗਈ ਹੈ। ਇਹ ਮਾਮਲਾ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਨ.ਕੇ. ਸਿੰਘ ਦੇ ਬੈਂਚ ਸਾਹਮਣੇ ਸੂਚੀਬੱਧ ਹੈ। ਇਸ ਦੌਰਾਨ, ਕਲਕੱਤਾ ਹਾਈ ਕੋਰਟ ਹਿੰਸਾ ਪ੍ਰਭਾਵਿਤ ਇਲਾਕਿਆਂ ਵਿਚ ਕੇਂਦਰੀ ਬਲਾਂ ਦੀ ਤਾਇਨਾਤੀ ਬਾਰੇ ਵੀ ਆਪਣਾ ਫ਼ੈਸਲਾ ਸੁਣਾਏਗਾ। ਪਿਛਲੀ ਸੁਣਵਾਈ ਵਿਚ, ਇਕ 3 ਮੈਂਬਰੀ ਪੈਨਲ ਨੂੰ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।