ਭਾਈ ਅੰਮ੍ਰਿਤਪਾਲ ਸਿੰਘ 'ਤੇ ਲਗਾਈ ਐਨ.ਐਸ.ਏ. ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ
.jpg)
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨ.ਐਸ.ਏ.) ਦੀ ਮਿਆਦ ਵਿਚ ਸਰਕਾਰ ਵਲੋਂ ਇਕ ਸਾਲ ਦਾ ਹੋਰ ਵਾਧਾ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਗਈ ਐਨ.ਐਸ.ਏ. ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ।