ਵਿਧਾਇਕਾ ਭਰਾਜ ਵਲੋਂ ਸਰਕਾਰੀ ਸੀਨੀਅਰ ਸੈਕੰ. ਸਕੂਲ ਲੜਕੀਆਂ ਸੰਗਰੂਰ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੋਰੀਆ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ‘ਚ ਨਵੇਂ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ। ਇਨ੍ਹਾਂ ਕੰਮਾਂ ਵਿਚ ਇੰਟਰਲਾਕ ਟਾਈਲਾਂ ਲਗਾਉਣ, ਸ਼ੈੱਡ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਦੇ ਹੋਰ ਕੰਮ ਸ਼ਾਮਿਲ ਹਨ। ਵਿਧਾਇਕਾ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਬਜਟ ਵਿਚ ਸਿੱਖਿਆ ਲਈ ਲੋੜੀਂਦਾ ਪੈਸਾ ਰੱਖਿਆ ਗਿਆ ਹੈ, ਜਿਸ ਰਾਹੀਂ ਸਰਕਾਰੀ ਸਕੂਲਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਇਨਕਲਾਬੀ ਬਦਲਾਅ ਵਿਖਾਉਣ ਲਈ ਅਸੀਂ ਵੀ ਮਾਪਿਆਂ ਦੇ ਰੂ-ਬ-ਰੂ ਹੋ ਰਹੇ ਹਾਂ ਤਾਂ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਕਾਇਮ ਹੋਵੇ ਅਤੇ ਹਰ ਬੱਚਾ ਸਰਕਾਰੀ ਸਕੂਲਾਂ ਵਿਚ ਦਾਖਲਾ ਲਵੇ। ਵਿਧਾਇਕਾ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਸਿਰਫ਼ ਇਕ ਮੁਹਿੰਮ ਹੀ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਸੁਨਹਿਰੀ ਭਵਿੱਖ ਦੀ ਸਿਰਜਣਾ ਕਰਨ ਵਾਲੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿਚ ਪੀਣ ਯੋਗ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖ-ਵੱਖ ਪਖਾਨੇ, ਡੈਸਕ ਤੇ ਕੁਰਸੀਆਂ, ਚਾਰਦਿਵਾਰੀ ਅਤੇ ਸੁਰੱਖਿਆ ਦੀਆਂ ਹੋਰ ਸਹੂਲਤਾਂ ਸ਼ਾਮਿਲ ਹਨ।