ਧੱਕਾ ਕਲੋਨੀ ਵਿਖੇ ਨਗਰ ਨਿਗਮ ਤੇ ਪੁਲਿਸ ਪ੍ਰਸ਼ਾਸਨ ਵਲੋਂ ਢਾਈਆਂ ਗਈਆਂ ਨਾਜਾਇਜ਼ ਉਸਾਰੀਆਂ


ਕਪੂਰਥਲਾ, 23 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਨਗਰ ਨਿਗਮ ਕਪੂਰਥਲਾ ਨੇ ਅੱਜ ਧੱਕਾ ਕਲੋਨੀ ਨਜ਼ਦੀਕ ਸੀਵਰੇਜ ਟਰੀਟਮੈਂਟ ਪਲਾਂਟ ਵਿਖੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਵੱਡੀ ਮੁਹਿੰਮ ਚਲਾਈ, ਜਿਸ ਵਿਚ ਲੋਕਾਂ ਵਲੋਂ ਸਰਕਾਰੀ ਜ਼ਮੀਨ ’ਤੇ ਉਸਾਰੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਨਗਰ ਨਿਗਮ ਦੇ ਸਕੱਤਰ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 8 ਦੇ ਕਰੀਬ ਘਰਾਂ ਨੂੰ ਜੇ.ਸੀ.ਬੀ. ਮਸ਼ੀਨ ਦੀ ਸਹਾਇਤਾ ਨਾਲ ਢਾਇਆ ਗਿਆ ਹੈ, ਜਿਨ੍ਹਾਂ ਵਿਅਕਤੀਆਂ ਕੋਲ ਸਟੇ ਸੀ, ਉਨ੍ਹਾਂ ਨੂੰ ਛੱਡਿਆ ਗਿਆ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਪੂਰਾ ਨੇ ਦੱਸਿਆ ਕਿ ਇਨ੍ਹਾਂ ਘਰਾਂ ਵਿਚ ਉਨ੍ਹਾਂ ਲੋਕਾਂ ਦੇ ਵੀ ਘਰ ਢਾਏ ਗਏ ਹਨ, ਜਿਨ੍ਹਾਂ ਉੱਤੇ ਨਸ਼ਾ ਵੇਚਣ ਸੰਬੰਧੀ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੁਰਮ ਦੇ ਖਿਲਾਫ਼ ਜ਼ੀਰੋ ਟੋਲਰੈਂਸ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਖਬਰ ਲਿਖੇ ਜਾਣ ਤੱਕ ਕਾਰਵਾਈ ਜਾਰੀ ਸੀ।