ਵਿਧਾਇਕ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਅੱਤਵਾਦੀ ਹਮਲੇ ਦੇ ਵਿਰੋਧ 'ਚ ਪ੍ਰਦਰਸ਼ਨ

ਪਠਾਨਕੋਟ, 23 ਅਪ੍ਰੈਲ (ਸੰਧੂ)-ਜੰਮੂ-ਕਸ਼ਮੀਰ ਦੇ ਪਹਿਲਗਾਮ ਦੀ ਬਾਰਾਸਨ ਘਾਟੀ ਵਿਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿਚ, ਜ਼ਿਲ੍ਹਾ ਭਾਜਪਾ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਗਾੜ੍ਹੀ ਅਹਾਤਾ ਚੌਕ ਵਿਖੇ ਅੱਤਵਾਦੀ ਹਮਲੇ ਵਿਚ ਸ਼ਾਮਿਲ ਪਾਕਿਸਤਾਨ ਦਾ ਪੁਤਲਾ ਸਾੜਿਆ। ਇਸ ਵਿਰੋਧ ਪ੍ਰਦਰਸ਼ਨ ਵਿਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਮੁੱਖ ਤੌਰ ਉਤੇ ਸਨ। ਵਿਧਾਇਕ ਅਸ਼ਵਨੀ ਸ਼ਰਮਾ ਨੇ ਪਾਕਿਸਤਾਨ ਨੂੰ ਆੜੇ ਹੱਥੀਂ ਲਿਆ ਅਤੇ ਪਹਿਲਗਾਮ ਕਤਲੇਆਮ ਦੀ ਨਿੰਦਾ ਕਰਦੇ ਹੋਏ ਆਪਣਾ ਵਿਰੋਧ ਪ੍ਰਗਟ ਕੀਤਾ ਅਤੇ ਇਸ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਅਤੇ ਸ਼ਾਂਤੀ ਲਈ ਮੌਨ ਵੀ ਰੱਖਿਆ। ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਨਾਗਰਿਕ ਅੱਜ ਵਾਦੀ ਵਿਚ ਕੱਲ੍ਹ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਸੜਕਾਂ ’ਤੇ ਉਤਰ ਆਏ ਹਨ ਅਤੇ ਇਸ ਹਿੰਸਾ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਇਕੱਠੇ ਹੋਣ ਦੀ ਲੋੜ ਹੈ ਅਤੇ ਜੇਕਰ ਅਸੀਂ ਸਮੇਂ-ਸਿਰ ਨਹੀਂ ਜਾਗੇ ਤਾਂ ਆਉਣ ਵਾਲਾ ਸਮਾਂ ਖ਼ਤਰਨਾਕ ਹੋਵੇਗਾ।