ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਪਹਿਲਗਾਮ ਹਮਲੇ ਦੀ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 23 ਅਪ੍ਰੈਲ (ਨਿੱਕੂਵਾਲ, ਸੈਣੀ)-ਜ਼ੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ ਉਤੇ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਿਹੱਥੇ ਭਾਰਤੀਆਂ ਉਤੇ ਹਮਲਾ ਕਰਨਾ ਇਸ ਤਰ੍ਹਾਂ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਜ਼ਖਮੀ ਜਲਦੀ ਤੰਦਰੁਸਤ ਹੋ ਕੇ ਆਪਣੇ ਪਰਿਵਾਰਾਂ ਵਿਚ ਪਹੁੰਚਣ। ਸ.ਬੈਂਸ ਨੇ ਕਿਹਾ ਕਿ ਭਾਰਤ ਦੇ ਲੋਕ ਅਮਨ ਪਸੰਦ ਹਨ ਅਤੇ ਵਿਰੋਧੀ ਤਾਕਤਾਂ ਹਮੇਸ਼ਾ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਪਰ ਅਸੀਂ ਉਨ੍ਹਾਂ ਨੂੰ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਅਸੀਂ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਹਮੇਸ਼ਾ ਵਚਨਬੱਧ ਹਾਂ। ਉਨ੍ਹਾਂ ਨੇ ਸੋਸ਼ਲ ਮੀਡੀਆਂ ਉਤੇ ਕਿਹਾ ਕਿ ਦੇਸ਼ ਵਾਸੀ ਇਕਜੁੱਟ ਹਨ ਤੇ ਅਸੀਂ ਅਜਿਹੀ ਘਿਨਾਉਣੀ ਕਾਰਵਾਈ ਦੀ ਨਿੰਦਾ ਕਰਦੇ ਹਨ।