ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ - ਕੁਲਦੀਪ ਸਿੰਘ ਧਾਲੀਵਾਲ

ਰਾਜਾਸਾਂਸੀ (ਅੰਮ੍ਰਿਤਸਰ), 27 ਅਪ੍ਰੈਲ (ਹਰਦੀਪ ਸਿੰਘ ਖੀਵਾ)- ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਰਾਜਾਸਾਂਸੀ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ, ਮੰਡੀ ਵਿਚ ਲੱਗੇ ਕਣਕ ਦੇ ਢੇਰਾਂ ਦੀ ਲਿਫਟਿੰਗ ਦਾ ਜਾਇਜ਼ਾ ਲਿਆ।ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।