ਪਹਿਲਗਾਮ ਹਮਲੇ ਤੋਂ ਬਾਅਦ ਅੱਜ ਹੋਵੇਗਾ ਜੰਮੂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਸ੍ਰੀਨਗਰ, 28 ਅਪ੍ਰੈਲ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਜੰਮੂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸੈਸ਼ਨ ਵਿਚ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਦੇ ਨਾਲ-ਨਾਲ ਅੱਤਵਾਦੀ ਹਮਲੇ ਵਿਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਦੇ ਸਮਰਥਨ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਜਾ ਸਕਦਾ ਹੈ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਹ ਸੈਸ਼ਨ ਅੱਤਵਾਦ ਵਿਰੁੱਧ ਵਿਸ਼ੇਸ਼ ਹੋਵੇਗਾ। ਪਹਿਲਗਾਮ ਹਮਲੇ ਤੋਂ ਬਾਅਦ, ਮੁੱਖ ਮੰਤਰੀ ਉਮਰ ਅਬਦੁੱਲਾ ਨੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਸੀ। ਉਪ ਰਾਜਪਾਲ ਨੇ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ 28 ਅਪ੍ਰੈਲ ਨੂੰ ਇਕ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ। ਸੈਸ਼ਨ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਨੇ ਕਿਹਾ ਕਿ ਹਾਲ ਹੀ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਸਾਰਿਆਂ ਨੇ ਅੱਤਵਾਦ ਵਿਰੁੱਧ ਏਕਤਾ ਦਿਖਾਈ।