JALANDHAR WEATHER

ਚਿੱਠੀ ਸਿੰਘਪੁਰਾ 'ਚ ਸਿੱਖਾਂ ਦੇ ਕਤਲੇਆਮ ’ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੀ ਟੀਮ ਸ੍ਰੀ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)-ਜੰਮੂ-ਕਸ਼ਮੀਰ ਦੇ ਚਿੱਠੀ ਸਿੰਘਪੁਰਾ ’ਚ ਮਾਰਚ 2000 ਵਿਚ 35 ਸਿੱਖਾਂ ਦੇ ਹੋਏ ਕਤਲੇਆਮ ’ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੇ ਡਾਇਰੈਕਟਰ ਆਪਣੀ ਟੀਮ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਅਤੇ ਨਿਭਾਈਆਂ ਸੇਵਾਵਾਂ ਦੀ ਜਾਣਕਾਰੀ ਲਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਇਰੈਕਟਰ ਰਾਜੇਸ਼ ਰਾਜਾ, ਸ੍ਰੀ ਸੁਮਨ ਤਲਵਾਰ, ਪੀ.ਸੀ. ਰਾਉਤ, ਸ. ਐਮ.ਪੀ. ਸਿੰਘ ਅਤੇ ਸ੍ਰੀ ਹੰਸ ਹੀਰਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਾਲ 2000 ਵਿਚ ਜੰਮੂ-ਕਸ਼ਮੀਰ ਦੇ ਚਿੱਠੀ ਸਿੰਘਪੁਰਾ ਵਿਚ ਵੱਡਾ ਦੁਖਾਂਤ ਵਾਪਰਿਆ ਸੀ, ਜਿਸ ਵਿਚ 35 ਸਿੱਖਾਂ ਨੂੰ ਕਤਲ ਕੀਤਾ ਗਿਆ ਸੀ। ਇਸ ਸਬੰਧ ਵਿਚ ਰਾਜੇਸ਼ ਰਾਜਾ ਅਤੇ ਉਨ੍ਹਾਂ ਦੀ ਟੀਮ ਵਲੋਂ ਦਸਤਾਵੇਜ਼ੀ ਫ਼ਿਲਮ ਤਿਆਰ ਕਰਨ ਦੀ ਯੋਜਨਾ ਹੈ, ਜਿਸ ਤਹਿਤ ਇਨ੍ਹਾਂ ਨੇ ਸ਼੍ਰੋਮਣੀ ਕਮੇਟੀ ਪਾਸੋਂ ਪੀੜਤਾਂ ਦੀ ਮਦਦ ਸਬੰਧੀ ਕੀਤੇ ਕਾਰਜਾਂ ਦੇ ਵੇਰਵਿਆਂ ਦੀ ਜਾਣਕਾਰੀ ਲਈ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੀੜਤ ਪਰਿਵਾਰਾਂ ਦੀ ਮਦਦ ਕਰਨਾ ਆਪਣਾ ਫ਼ਰਜ਼ ਸਮਝਿਆ ਸੀ ਅਤੇ ਸੰਕਟ ਵੇਲੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਵੀ ਕੀਤੀ ਸੀ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ, ਜਤਿੰਦਰਪਾਲ ਸਿੰਘ ਤੇ ਹੋਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ