ਮੌਤ ਤੋਂ 2 ਮਹੀਨੇ ਬਾਅਦ ਭਾਰਤ ਪਹੁੰਚੀ ਬਟਾਲਾ ਦੇ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ

ਰਾਜਾਸਾਂਸੀ, (ਅੰਮ੍ਰਿਤਸਰ), 29 ਅਪ੍ਰੈਲ (ਹਰਦੀਪ ਸਿੰਘ ਖੀਵਾ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅੰਮੂਨੰਗਲ ਨਾਲ ਸੰਬੰਧਿਤ 49 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਵੱਸਣ ਸਿੰਘ ਦੀ ਮ੍ਰਿਤਕ ਦੇਹ ਬੀਤੀ ਦੇਰ ਰਾਤ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਪ੍ਰੀਤ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿਛਲੇ ਕੁਝ ਸਾਲਾਂ ਤੋਂ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ 1 ਮਾਰਚ ਤੋਂ ਗੁਰਪ੍ਰੀਤ ਨਾਲ ਉਨ੍ਹਾਂ ਦਾ ਸੰਪਰਕ ਟੁੱਟ ਗਿਆ ਸੀ ਅਤੇ ਉਨ੍ਹਾਂ ਨੇ ਦੁਬਈ ਵਿਖੇ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਇਲਾਵਾ ਉਸਦੇ ਦੋਸਤਾਂ ਰਾਹੀਂ ਉਸ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬਦਕਿਸਮਤੀ ਨਾਲ ਬੀਤੀ 23 ਅਪ੍ਰੈਲ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਨੇ ਗੁੰਮ ਹੋਣ ਤੋਂ ਅਗਲੇ ਹੀ ਦਿਨ ਭਾਵ 2 ਮਾਰਚ ਨੂੰ ਆਤਮ ਹੱਤਿਆ ਕਰ ਲਈ ਸੀ।