ਹਾਦਸੇ 'ਚ 2 ਨੌਜਵਾਨਾਂ ਦੀ ਮੌਤ 'ਤੇ ਹਰਭਜਨ ਸਿੰਘ ਈ. ਟੀ. ਓ. ਨੇ ਪ੍ਰਗਟਾਇਆ ਦੁੱਖ

ਜੰਡਿਆਲਾ ਗੁਰੂ, 29 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਦੋ ਨੌਜਵਾਨਾਂ ਦੀ ਕਾਰ ਉਤੇ ਜਾਂਦਿਆਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਮੁਹੰਮਦ ਖਾਨ ਨੇੜੇ ਦਰੱਖਤ ਨਾਲ ਟਕਰਾਉਣ ਕਾਰਨ ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਕ ਦੇ ਫੱਟੜ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਤਿੰਨ ਨੌਜਵਾਨ ਤਰਨਤਾਰਨ ਜ਼ਿਲ੍ਹੇ ਵਿਚ ਕੰਮਕਾਰ ਦੇ ਸਿਲਸਿਲੇ ਵਿਚ ਜਾ ਰਹੇ ਸਨ ਤਾਂ ਕਾਰ ਬੇਕਾਬੂ ਹੋ ਕੇ ਕੰਟਰੋਲ ਤੋਂ ਬਾਹਰ ਹੁੰਦੀ ਹੋਈ ਸੜਕ ਦੇ ਕਿਨਾਰੇ ਉਤੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਵਿਚ ਸਵਾਰ ਰੋਬਿਨ ਸਿੰਘ ਵਾਸੀ ਜੰਡਿਆਲਾ ਗੁਰੂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਆਕਾਸ਼ ਦੀਪ ਸਿੰਘ ਵਾਸੀ ਪਿੰਡ ਧਾਰੜ (ਨੇੜੇ ਜੰਡਿਆਲਾ ਗੁਰੂ) ਦੀ ਅੰਮ੍ਰਿਤਸਰ ਦੇ ਇਕ ਸਰਕਾਰੀ ਹਸਪਤਾਲ ਵਿਚ ਮੌਤ ਹੋ ਗਈ। ਇਨ੍ਹਾਂ ਨੌਜਵਾਨਾਂ ਦਾ ਤੀਸਰਾ ਸਾਥੀ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੋਵੇਂ ਮ੍ਰਿਤਕ ਨੌਜਵਾਨਾਂ ਦੇ ਵਾਰਿਸਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮਾਲੀ ਮਦਦ ਦੇਣ ਦਾ ਭਰੋਸਾ ਦਿਵਾਇਆ।