ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖਿਲਾਫ਼ 2 ਹਜ਼ਾਰ ਕਰੋੜ ਰੁਪਏ ਦੇ ਵੱਡੇ ਘੁਟਾਲੇ ਦਾ ਮਾਮਲਾ ਦਰਜ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਵਲੋਂ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਸਤੇਂਦਰ ਜੈਨ ਵਿਰੁੱਧ ਜ਼ਿਆਦਾ ਲਾਗਤ ’ਤੇ ਕਲਾਸਰੂਮਾਂ ਦੀ ਉਸਾਰੀ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ 12,748 ਕਲਾਸਰੂਮਾਂ ਅਤੇ ਇਮਾਰਤਾਂ ਦੇ ਨਿਰਮਾਣ ਵਿਚ 2000 ਕਰੋੜ ਰੁਪਏ ਦੇ ਕਥਿਤ ਘੁਟਾਲੇ ਨਾਲ ਸੰਬੰਧਿਤ ਹੈ। ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਦਿੱਲੀ ਵਿਚ ‘ਆਪ’ ਸਰਕਾਰ ਦੇ ਰਾਜ ਦੌਰਾਨ 12,748 ਕਲਾਸਰੂਮਾਂ ਅਤੇ ਇਮਾਰਤਾਂ ਦੇ ਨਿਰਮਾਣ ਵਿਚ 2,000 ਕਰੋੜ ਰੁਪਏ ਦਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਇਹ ਪ੍ਰੋਜੈਕਟ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ, ਇਕ ਵੀ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਨਹੀਂ ਹੋਇਆ। ਚਾਰਜਸ਼ੀਟ ਦੇ ਅਨੁਸਾਰ, ਇਨ੍ਹਾਂ ਕਲਾਸਰੂਮਾਂ ਦੇ ਨਿਰਮਾਣ ਵਿਚ ਘਟੀਆ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਕੀਤੀ ਗਈ ਸੀ ਪਰ ਇਸ ਦੇ ਲਈ ਪੈਸੇ ਬਿਹਤਰ ਆਰ.ਸੀ.ਸੀ. ਨਿਰਮਾਣ ਤਕਨਾਲੋਜੀ ਦੀ ਦਰ ’ਤੇ ਲਏ ਗਏ ਸਨ। ਏਜੰਸੀ ਦਾ ਦੋਸ਼ ਹੈ ਕਿ ਇਸ ਮਾਮਲੇ ਵਿਚ ਵੱਡੀਆਂ ਵਿੱਤੀ ਬੇਨਿਯਮੀਆਂ ਕੀਤੀਆਂ ਗਈਆਂ ਹਨ।