JALANDHAR WEATHER

ਪੰਜਾਬ ਪੁਲਿਸ ਵਲੋਂ ਹਥਿਆਰਾਂ ਸਮੇਤ ਪੰਜ ਵਿਅਕਤੀ ਕਾਬੂ

ਛੇਹਰਟਾ, 30 ਅਪ੍ਰੈਲ (ਪੱਤਰ ਪ੍ਰੇਰਕ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈ.ਐਸ.ਆਈ. ਸਮਰਥਤ (ਬੀ.ਕੇ.ਆਈ.) ਅੱਤਵਾਦੀ ਮਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇਕ ਹੈਂਡ ਗ੍ਰਨੇਡ ਅਤੇ ਇਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌਜੀ, ਜੋ ਕਿ ਵਿਦੇਸ਼ ਤੋਂ ਸੰਚਾਲਨ ਕਰ ਰਿਹਾ ਹੈ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮਦਦ ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਅੱਤਵਾਦੀ ਮਡਿਊਲ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭਰਤੀ ਕੀਤਾ ਗਿਆ ਸੀ ਅਤੇ ਕੱਟੜਪੰਥੀ ਬਣਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਮੋਟਰਸਾਈਕਲ ਮੁਹੱਈਆ ਕਰਵਾਏ ਗਏ ਸਨ ਅਤੇ ਅਜਨਾਲਾ ਸੈਕਟਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀ.ਜੀ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਗ੍ਰਨੇਡਾਂ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ ਫਤਾਹਪੁਰ ਵਿਖੇ ਦੋਸ਼ੀ ਅਜੈ ਕੁਮਾਰ ਨੇ ਪੁਲਿਸ ਟੀਮ ਕੋਲੋਂ ਸਰਵਿਸ ਹਥਿਆਰ ਖੋਹ ਕੇ ਅਤੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਹ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਉਨਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਮਾਹਲ ਪਿੰਡ ਵਿਚ ਕਰਿਆਨਾ ਸਟੋਰ ਦੇ ਮਾਲਕ 'ਤੇ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਐਕਟਿਵਾ ਸਕੂਟਰ ਵੀ ਮੁਹੱਈਆ ਕਰਵਾਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਤਵਾਦੀ ਨੈੱਟਵਰਕ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ