JALANDHAR WEATHER

ਕੇਂਦਰ ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਦਿੱਤਾ ਧਰਨਾ

ਪਠਾਨਕੋਟ, (ਗੁਰਦਾਸਪੁਰ), 1 ਮਈ (ਵਿਨੋਦ)- ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਪਠਾਨਕੋਟ ਨਿਵਾਸ ਸਥਾਨ ਦੇ ਬਾਹਰ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ’ਤੇ ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਕੇ ਪੰਜਾਬ ਦੇ ਹੱਕ ’ਤੇ ਡਾਕਾ ਮਾਰਿਆ ਹੈ, ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਸਹਿਣ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬੀ.ਬੀ.ਐਮ.ਬੀ. ਦੇ ਮਾਧਿਅਮ ਨਾਲ ਪੰਜਾਬ ਦਾ 81 ਕਿਊਸਕ ਪਾਣੀ ਹਰਿਆਣਾ ਨੂੰ ਦਿੱਤਾ ਗਿਆ ਹੈ, ਜਦ ਕਿ ਹਰਿਆਣੇ ਨੂੰ ਪਹਿਲਾਂ ਤੋਂ ਹੀ ਪਾਣੀ ਆਪਣੇ ਹਿੱਸੇ ਦਾ ਮਿਲ ਰਿਹਾ ਹੈ, ਪਰ ਕੇਂਦਰ ਦੀ ਬੀ.ਜੇ.ਪੀ. ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਭਾਜਪਾ ਸਰਕਾਰ ਆਈ ਹੈ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਤੰਗ ਕੀਤਾ ਜਾ ਰਿਹਾ ਹੈ, ਕਦੀ ਕਾਲੇ ਕਾਨੂੰਨਾਂ ਦੇ ਨਾਲ ਕਿਸਾਨ ਤੰਗ ਕੀਤੇ ਜਾ ਰਹੇ ਹਨ ਤੇ ਹੁਣ ਪੰਜਾਬ ਦਾ ਪਾਣੀ ਖੋਹ ਕੇ ਹਰਿਆਣੇ ਨੂੰ ਦਿੱਤਾ ਜਾ ਰਿਹਾ ਹੈ, ਜੋ ਕਿ ਪੰਜਾਬ ਦੇ ਕਿਸਾਨਾਂ ਨਾਲ ਸਰਾਸਰ ਧੱਕਾ ਹੈ, ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸੇ ਨਾ ਕਿਸੇ ਮੁੱਦੇ ਨੂ ਲੈ ਕੇ ਪੰਜਾਬ ਦੇ ਲੋਕਾਂ ਨੂੰ ਤੰਗ ਤੇ ਪਰੇਸ਼ਾਨ ਕਰਨ ਦੇ ਬਹਾਨੇ ਲੱਭਦੀ ਰਹਿੰਦੀ ਹੈ। ਪਰ ਆਮ ਆਦਮੀ ਪਾਰਟੀ ਕਿਸਾਨਾਂ ਅਤੇ ਪੰਜਾਬ ਨਾਲ ਡੱਟ ਕੇ ਖੜੀ ਹੋਈ ਹੈ। ਅਤੇ ਕੇਂਦਰ ਦੀ ਬੀਜੇਪੀ ਸਰਕਾਰ ਦਾ ਅਸੀਂ ਡੱਟ ਕੇ ਵਿਰੋਧ ਕਰਾਂਗੇ, ਉਹਨਾਂ ਕਿਹਾ ਕਿ ਇਹੋ ਜਿਹੀਆਂ ਹਰਕਤਾਂ ਕਰਕੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦਾ ਮਨੋਬਲ ਨਹੀਂ ਡਿਗਾ ਸਕਦੀ, ਕਿਉਂਕਿ ਪੰਜਾਬ ਦੇ ਲੋਕ ਆਪਣਾ ਹੱਕ ਲੈਣਾ ਜਾਣਦੇ ਹਨ, ਅਤੇ ਆਮ ਆਦਮੀ ਦੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਹਰ ਸਮੇਂ ਖੜੀ ਹੈ, ਅਤੇ ਅਸੀਂ ਪੰਜਾਬ ਦਾ ਹੱਕ ਲੈ ਕੇ ਹੀ ਰਹਾਂਗੇ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ, ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਵਿਭੂਤੀ ਸ਼ਰਮਾ, ਪਾਸਕੋ ਦੇ ਚੇਅਰਮੈਨ ਸੁਨੀਲ ਗੁਪਤਾ, ਮਾਰਕੀਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਵਿਕਾਸ ਸੈਣੀ, ਟਰੱਸਟੀ ਹਰਜੀਤ ਕੁਮਾਰ, ਸ਼ੁਭਾਸ਼ ਵਰਮਾ, ਲਲਿਤ ਕੁਮਾਰ, ਆਦੀ ਵਰਕਰ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ