ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਵੱਖ-ਵੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਵਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦੇ ਦਿਹਾੜੇ ਉਤੇ ਉਹ ਖਿਦਰਾਣੇ ਦੀ ਢਾਬ ਦੇ ਸ਼ਹੀਦਾਂ ਨੂੰ ਸਿਜਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਥੋਂ ਦਾ ਟੁੱਟੀ ਗੰਢੀ ਦਾ ਇਤਿਹਾਸ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਲੜ ਲੱਗੀਏ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਥ ਉੱਤੇ ਚੌਤਰਫਾ ਹਮਲੇ ਹੋ ਰਹੇ ਹਨ। ਅਜਿਹੀਆਂ ਤਾਕਤਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀ ਪਛਾਣ ਉਤੇ ਹਮਲੇ ਹੋ ਰਹੇ ਹਨ। ਪ੍ਰੀਖਿਆਵਾਂ ਵਿਚ ਕੱਕਾਰ ਲੁਹਾਏ ਜਾ ਰਹੇ ਹਨ। ਇਹ ਹੱਕ ਸਾਨੂੰ ਗੁਰੂ ਸਾਹਿਬਾਨ ਨੇ ਦਿੱਤਾ ਹੈ ਅਤੇ ਦੁਨੀਆ ਦੀ ਕੋਈ ਵੀ ਤਾਕਤ ਸਾਡੇ ਹੱਕ ਨਹੀਂ ਖੋਹ ਸਕਦੀ। ਇਸ ਮਗਰੋਂ ਗਿਆਨੀ ਕੁਲਦੀਪ ਸਿੰਘ ਅਤੇ ਬਾਬਾ ਟੇਕ ਸਿੰਘ ਵਲੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਵੀ ਮੱਥਾ ਟੇਕਿਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਬਲਦੇਵ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਦੇ ਦਿਨ 21 ਵਿਸਾਖ ਸੰਮਤ 1762 ਬਿਕ੍ਰਮੀ ਨੂੰ ਇਸ ਧਰਤੀ ਉਤੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਮੁਗਲ ਸਾਮਰਾਜ ਖਿਲਾਫ ਆਖਰੀ ਜੰਗ ਲੜ ਕੇ ਫਤਿਹ ਹਾਸਿਲ ਕੀਤੀ ਗਈ। ਇਸ ਧਰਤੀ ਉਤੇ ਭਾਈ ਮਹਾ ਸਿੰਘ ਸਮੇਤ ਹੋਰ ਸਿੰਘਾਂ ਨੇ ਸ਼ਹੀਦੀਆਂ ਦਿੱਤੀਆਂ ਅਤੇ ਜ਼ੁਲਮ ਦਾ ਖਾਤਮਾ ਕੀਤਾ। ਇਸ ਅਸਥਾਨ ਉਤੇ ਅੱਜ ਧਾਰਮਿਕ ਦੀਵਾਨ ਸੱਜ ਰਹੇ ਹਨ। ਮੁਕਤ ਸਰੋਵਰ ਵਿਚ ਸੰਗਤਾਂ ਇਸ਼ਨਾਨ ਕਰ ਰਹੀਆਂ ਹਨ। ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤ ਰਹੇ ਹਨ।