ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ 'ਤੇ ਲਾਈ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਰੂਰੀ ਵਸਤਾਂ ਜਿੰਨ੍ਹਾਂ ਵਿੱਚ ਅਨਾਜ ਅਤੇ ਹੋਰ ਖਾਣ ਪੀਣ ਦੀਆਂ ਵਸਤੂਆਂ, ਚਾਰਾ, ਦੁੱਧ ਤੇ ਡੇਅਰੀ ਉਤਪਾਦਾਂ, ਪੈਟਰੋਲ ਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਚੀਜਾਂ ਦਾ ਭੰਡਾਰ ਕਰਨ ਉੱਤੇ ਪਾਬੰਦੀ ਲਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਗਠਨ ਨੂੰ ਅਨਾਜ ਅਤੇ ਸੰਬੰਧਿਤ ਸਮਾਨ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਤੇ ਹੋਰ ਬਾਲਣ ਵਰਗੀਆਂ ਜ਼ਰੂਰੀ ਵਸਤੂਆਂ ਨੂੰ ਜਮ੍ਹਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਕੀਤੀ ਗਈ ਉਲੰਘਣਾ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਮ੍ਹਾਂਖੋਰੀ ਤੋਂ ਬਚਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਜਾਂ ਵਪਾਰੀ ਵਸਤੂਆਂ ਦੀ ਫਰਜ਼ੀ ਕਮੀ ਜਾਂ ਸ਼ੋਸ਼ਣਕਾਰੀ ਕੀਮਤਾਂ ਵਿੱਚ ਸ਼ਾਮਿਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।