ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਮਜ਼ਬੂਤ ਅਕਾਲੀ ਦਲ ਚਾਹੁੰਦੇ ਹਨ ਲੋਕ - ਢੀਂਡਸਾ

ਸੁਨਾਮ, ਊਧਮ ਸਿੰਘ ਵਾਲਾ/ ਸੰਗਰੂਰ, 15 ਮਈ (ਸਰਬਜੀਤ ਸਿੰਘ ਧਾਲੀਵਾਲ)-ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਭਰਤੀ ਕਮੇਟੀ ਨੂੰ ਆਸ ਨਾਲੋਂ ਵੀ ਵੱਧ ਸਮਰਥਨ ਮਿਲ ਰਿਹਾ ਹੈ। ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਨੂੰ ਮਜ਼ਬੂਤ ਦੇਖਣਾ ਚਾਹੁੰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨਾਮ ਵਿਖੇ ਪੰਜਾਬੀ ਫਿਲਮ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਉਪਰੰਤ ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਰਦਿਆਂ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਸਿੱਖ ਕਦਰਾਂ-ਕੀਮਤਾਂ ਅਤੇ ਪ੍ਰੰਪਰਾਵਾਂ ਨੂੰ ਨਜ਼ਰ-ਅੰਦਾਜ਼ ਕਰਕੇ, ਇਕ ਪਰਿਵਾਰ ਨੇ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੀ ਹਾਲਤ ਮਾੜੀ ਹੈ। ਯੂਨੀਵਰਸਿਟੀਆਂ ਨੂੰ ਢਾਹ ਕੇ ਸਕੂਲ ਬਣਾਏ ਜਾ ਰਹੇ ਹਨ ਅਤੇ ਹਸਪਤਾਲਾਂ ਨੂੰ ਢਾਹ ਕੇ ਡਿਸਪੈਂਸਰੀਆਂ ਬਣਾਈਆਂ ਜਾ ਰਹੀਆਂ ਹਨ। ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਨੂੰ ਇੰਨਾ ਨੁਕਸਾਨ ਹੋਇਆ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਹ ਹਰਿਆਣਾ ਨੂੰ ਇਕ ਬੂੰਦ ਵੀ ਪਾਣੀ ਨਹੀਂ ਦੇਵੇਗੀ ਅਤੇ ਦੂਜੇ ਪਾਸੇ ਫੌਜ ਦੇ ਨਾਮ 'ਤੇ ਰਾਜਸਥਾਨ ਨੂੰ ਪਾਣੀ ਦਿੱਤਾ ਜਾ ਰਿਹਾ ਹੈ। ਕਿਸੇ ਸੌਦੇ ਦੇ ਹਿੱਸੇ ਵਜੋਂ ਪੰਜਾਬ ਨਾਲ ਧੋਖਾ ਕੀਤਾ ਜਾ ਰਿਹਾ ਹੈ। ਇਸ ਮੌਕੇ ਚਮਕੌਰ ਸਿੰਘ ਮੋਰਾਂਵਾਲੀ, ਯਾਦਵਿੰਦਰ ਨਿਰਮਾਣ, ਦਰਸ਼ਨ ਸਿੰਘ ਮੋਰਾਂਵਾਲੀ ਆਦਿ ਹਾਜ਼ਰ ਸਨ।