ਫ਼ੌਜ ਵਲੋਂ ਦਿੱਤਾ ਗਿਆ ਬਿਆਨ ਹੈ ਬਿਲਕੁੱਲ ਗਲਤ- ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ

ਅੰਮ੍ਰਿਤਸਰ, 20 ਮਈ (ਜਸਵੰਤ ਸਿੰਘ ਜੱਸ)- ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵਲੋਂ ਇਕ ਚੈਨਲ ਨਾਲ ਇੰਟਰਵਿਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸੰਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਬਲੈਕਆਊਟ ਸੰਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵਲੋਂ ਸਹਿਯੋਗ ਕੀਤਾ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ ਤੇ ਉੱਪਰਲੀਆਂ ਲਾਈਟਾਂ ਤੈਅ ਸਮੇਂ ਸੀਮਾ ਅਨੁਸਾਰ ਬੰਦ ਕੀਤੀਆਂ ਗਈਆਂ ਪ੍ਰੰਤੂ ਜਿੱਥੇ-ਜਿੱਥੇ ਗੁਰੂ ਦਰਬਾਰ ਦੀ ਮਰਿਆਦਾ ਚਲਦੀ ਹੈ, ਉਨ੍ਹਾਂ ਥਾਵਾਂ ਉੱਤੇ ਲਾਈਟਾਂ ਚੱਲਦੀਆਂ ਰੱਖ ਕੇ ਪੂਰੀ ਜ਼ਿੰਮੇਵਾਰੀ ਨਾਲ ਮਰਿਆਦਾ ਨਿਭਾਈ ਗਈ ਹੈ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਵਲੋਂ ਇਹ ਦਾਅਵਾ ਕਰਨਾ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਹੈਡ ਗ੍ਰੰਥੀ ਵਲੋਂ ਫੌਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹ ਮੂਲੋਂ ਗਲਤ ਹੈ ਕਿਉਂਕਿ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਤੌਰ ਐਡੀਸ਼ਨਲ ਮੁੱਖ ਗ੍ਰੰਥੀ ਉਹ ਇਹ ਗੱਲ ਦਾਅਵੇ ਨਾਲ ਕਹਿ ਰਹੇ ਹਨ ਕਿ ਗੰਨਾਂ ਲਗਾਉਣ ਸੰਬੰਧੀ ਕੋਈ ਪ੍ਰਵਾਨਗੀ ਫ਼ੌਜ ਨੂੰ ਨਹੀਂ ਦਿੱਤੀ ਗਈ।