ਬੀਤੇ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਕੀਤੀ ਗਈ ਕਾਰਵਾਈ ਸਿਧਾਂਤ ਦੀ ਵੱਡੀ ਉਲੰਘਣਾ- ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਕੱਲ੍ਹ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸੰਬੰਧੀ ਲਿਆ ਗਿਆ ਫੈਸਲਾ ਕੋਈ ਨਵਾਂ ਮਾਮਲਾ ਨਹੀਂ ਹੈ, ਬਲਕਿ ਸਕੱਤਰੇਤ ਦੇ ਰਿਕਾਰਡ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਾਮਲੇ ਨੂੰ ਹੀ ਵਿਚਾਰ ਕੇ ਕਾਰਵਾਈ ਕੀਤੀ ਗਈ ਹੈ। ਇਸ ਸੰਬੰਧੀ ਮਿਤੀ 6 ਦਸੰਬਰ 2022 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਮੰਗਲ ਸਿੰਘ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਕੱਤਰਤਾ ਵਿਚ ਹੋਏ ਫੈਸਲੇ ਦੀ ਰੌਸ਼ਨੀ ਵਿਚ ਹੀ ਕਾਰਵਾਈ ਅਗਾਂਹ ਵਧਾਈ ਗਈ ਹੈ। ਬਿਆਨ ਵਿਚ ਕਿਹਾ ਗਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਸਥਾਨਕ ਮੌਜੂਦਾ ਮਰਿਆਦਾ, ਰਵਾਇਤਾਂ ਅਤੇ ਸਿਧਾਂਤਾਂ ਨਾਲ ਸੰਬੰਧਿਤ ਫੈਸਲੇ ਲੈ ਸਕਦਾ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧਾਰਮਿਕ ਮਾਮਲਿਆਂ ਨਾਲ ਸੰਬੰਧਿਤ ਵਿਵਾਦ ’ਤੇ ਵਿਚਾਰ-ਵਟਾਂਦਰਾ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸ ਦੀ ਰਾਏ ਅਤੇ ਫੈਸਲਾ ਅੰਤਿਮ ਮੰਨਿਆ ਜਾਂਦਾ ਹੈ। ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 22 ਅਕਤੂਬਰ 2015 ਨੂੰ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਵਿਚ ਮਤਾ ਪਾਸ ਕਰਕੇ ਇਹ ਫੈਸਲਾ ਕੀਤਾ ਗਿਆ ਸੀ ਕਿ 21 ਅਕਤੂਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲਸ਼ੁਦਾ ਪੰਜ ਪਿਆਰਿਆਂ ਵਲੋਂ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੂੰ ਤਲਬ ਕਰਕੇ ਜੋ ਕਾਰਵਾਈ ਕੀਤੀ ਗਈ ਸੀ, ਉਸ ਨੂੰ ਖ਼ਾਲਸਾ ਪੰਥ ਵਿਚ ਨਵਾਂ ਬਖੇੜਾ ਪੈਦਾ ਕਰਨ ਵਾਲਾ ਆਪੋ-ਧਾਪੀ ਵਾਲਾ ਫੈਸਲਾ ਕਰਾਰ ਦੇ ਕੇ ਮੁੱਢੋਂ ਰੱਦ ਕੀਤਾ ਜਾਂਦਾ ਹੈ। ਹੁਣ ਫਿਰ ਅਜਿਹੀ ਹੀ ਕਾਰਵਾਈ ਬੀਤੇ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਕੀਤੀ ਗਈ ਹੈ, ਜੋ ਕਿ ਸਿਧਾਂਤ ਦੀ ਵੱਡੀ ਉਲੰਘਣਾ ਹੈ।