ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਅੱਜ ਪੈ ਸਕਦੈ ਮੀਂਹ- ਮੌਸਮ ਵਿਭਾਗ

ਚੰਡੀਗੜ੍ਹ, 28 ਮਈ- ਪੰਜਾਬ ਅਤੇ ਚੰਡੀਗੜ੍ਹ ਵਿਚ ਤਾਪਮਾਨ ਫਿਰ ਤੋਂ ਵਧਣ ਲੱਗਾ ਹੈ। 24 ਘੰਟਿਆਂ ਵਿਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਦੇ ਨੇੜੇ ਹੈ। ਸਮਰਾਲਾ ਵਿਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੰਜ ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਵਾਵਾਂ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਦੂਰ-ਦੁਰਾਡੇ ਥਾਵਾਂ ’ਤੇ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਚਿਤਾਵਨੀ ਹੈ।