ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿਖੇਧੀ

ਤਲਵੰਡੀ ਸਾਬੋ, (ਬਠਿੰਡਾ), 3 ਜੂਨ (ਰਣਜੀਤ ਸਿੰਘ ਰਾਜੂ)- ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੇੜੇ ਗੁਰੂ ਅਰਜਨ ਦੇਵ ਨਿਵਾਸ ਕੋਲ ਗੁਟਕਾ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਰਗੇ ਸ਼ਹਿਰ ’ਚ ਜਿਥੇ ਇੰਨੀ ਵੱਡੀ ਪੁਲਿਸ ਫੋਰਸ ਤਾਇਨਾਤ ਹੈ, ਉਥੇ ਅਜਿਹੀ ਘਟਨਾ ਵਾਪਰ ਜਾਣੀ ਮੰਦਭਾਗਾ ਵਰਤਾਰਾ ਹੈ ਅਤੇ ਸਰਕਾਰ ਨੂੰ ਕੁਝ ਕਹਿਣ ਲਈ ਬਚਿਆ ਨਹੀਂ। ਉਨ੍ਹਾਂ ਕਿਹਾ ਕਿ ਵਾਰ ਵਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ, ਇਸ ਲਈ ਸਰਕਾਰ ਨੂੰ ਅਜਿਹੇ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਇਹ ਏਜੰਸੀਆਂ ਦੀ ਖੇਡ ਹੈ ਅਤੇ ਇਸ ਬਾਰੇ ਸਿੱਖ ਸੰਗਤਾਂ ਸਾਹਮਣੇ ਸਚਾਈ ਆਉਣੀ ਚਾਹੀਦੀ ਹੈ।