ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਕੇ ਹੀ ਲਵੇਗੀ ਸਾਹ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਜੂਨ- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 200 ਮਨੋਵਿਗਿਆਨੀ ਭਰਤੀ ਕੀਤੇ ਜਾਣਗੇ। ਇਹ ਫੈਸਲਾ ਨਸ਼ਿਆਂ ਦੇ ਖਾਤਮੇ ਲਈ ਬਣਾਈ ਕੈਬਿਨਟ ਦੀ ਸਬ-ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਮਨੋਵਿਗਿਆਨੀਆਂ ਦੀ ਭਰਤੀ ਛੇ ਮਹੀਨੇ ਲਈ ਆਰਜ਼ੀ ਤੌਰ ’ਤੇ ਕੀਤੀ ਜਾਵੇਗੀ ਤੇ ਇਸ ਅਰਸੇ ਦੌਰਾਨ ਸਿਹਤ ਵਿਭਾਗ ਵਲੋਂ ਮਨੋਵਿਗਿਆਨੀਆਂ ਦੀਆਂ ਰੈਗੂਲਰ ਪੋਸਟਾਂ ’ਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਪਹਿਲੀ ਮਾਰਚ 2025 ਤੋਂ ਹੁਣ ਤੱਕ ਸੂਬੇ ਵਿਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 96 ਦੇ ਕਰੀਬ ਪੁਲਿਸ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਪੁਸ਼ਤ ਪਨਾਹੀ ਕਰਦੀਆਂ ਰਹੀਆਂ ਹਨ ਪਰ ਮੌਜੂਦਾ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਪੰਜਾਬ ਬਣਾ ਕੇ ਹੀ ਸਾਹ ਲਵੇਗੀ।