ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਇਕ ਨੌਜਵਾਨ ਦੀ ਮੌਤ

ਭਵਾਨੀਗੜ੍ਹ, (ਸੰਗਰੂਰ), 1 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਪਿਆਲ ਤੋਂ ਬਟਰਿਆਣਾ ਨੂੰ ਜਾਂਦੇ 2 ਮੋਟਰਸਾਈਕਲ ਸਵਾਰਾਂ ਨੂੰ ਕਿਸੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਇਕ ਨੌਜਵਾਨ ਦੀ ਮੌਤ ਅਤੇ ਇਕ ਦੇ ਗੰਭੀਰ ਰੂਪ ਵਿਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਘਰਾਚੋਂ ਪੁਲਿਸ ਚੌਂਕੀ ਦੇ ਇੰਚਾਰਜ ਮੇਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਕਪਿਆਲ ਦੇ ਵਾਸੀ ਰਾਮਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸਵੀਰ ਸਿੰਘ ਉਮਰ 31 ਸਾਲ ਆਪਣੇ ਦੋਸਤ ਗੁਰਧਿਆਨ ਸਿੰਘ ਪੁੱਤਰ ਜਗਨ ਸਿੰਘ ਨਾਲ ਮੋਟਰਸਾਈਕਲ ’ਤੇ ਬਟਰਿਆਣਾ ਨੂੰ ਜਾ ਰਹੇ ਸਨ, ਜਦੋਂ ਪਿੰਡ ਤੋਂ ਥੋੜਾ ਅੱਗੇ ਗਏ ਤਾਂ ਕਿਸੇ ਵਾਹਨ ਵਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਗਈ, ਜਿਸ ਵਿਚ ਉਨ੍ਹਾਂ ਦੇ ਪੁੱਤਰ ਜਸਵੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸੇ ਵਿਚ ਗੁਰਧਿਆਨ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ’ਤੋਂ ਸਥਾਨਕ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖ਼ਦਿਆਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਰਾਮਪਾਲ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜਕਰਦਿਆਂ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।