ਮੀਂਹ ਨੂੰ ਲੈ ਕੇ ਪੰਜਾਬ ’ਚ ਅਲਰਟ ਜਾਰੀ

ਚੰਡੀਗੜ੍ਹ, 4 ਜੁਲਾਈ- ਪੰਜਾਬ ਵਿਚ ਅੱਜ ਮੀਂਹ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੀਂਹ ਨੂੰ ਲੈ ਕੇ 11 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੂਨ ਤੋਂ ਬਾਅਦ ਜੁਲਾਈ ਵਿਚ ਵੀ ਮਾਨਸੂਨ ਮਿਹਰਬਾਨ ਹੈ ਅਤੇ ਪੂਰੇ ਮਹੀਨੇ ਆਮ ਨਾਲੋਂ ਵੱਧ ਬੱਦਲ ਛਾਏ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ ਕੁਝ ਦਿਨਾਂ ਵਿਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਜਾਰੀ ਹੈ। ਵੱਧ ਤੋਂ ਵੱਧ ਤਾਪਮਾਨ ਵਿਚ ਵੀ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਬਣਿਆ ਹੋਇਆ ਹੈ। ਇਸ ਦੇ ਨਾਲ ਹੀ, ਪਿਛਲੇ ਦਿਨ ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ ਲੁਧਿਆਣਾ ਅਤੇ ਪਟਿਆਲਾ ਵਿਚ 35.4 ਡਿਗਰੀ, ਫਰੀਦਕੋਟ ਵਿਚ 34.5 ਡਿਗਰੀ ਅਤੇ ਜਲੰਧਰ ਵਿਚ 34.7 ਡਿਗਰੀ ਰਿਹਾ। ਇਸ ਦੇ ਨਾਲ ਹੀ ਵੀਰਵਾਰ ਸਵੇਰ ਤੋਂ ਦੁਪਹਿਰ ਤੱਕ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਮੋਹਾਲੀ ਵਿਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਦੱਸ ਦੇਈਏ ਕਿ ਪਿਛਲੇ 3 ਦਿਨਾਂ ਵਿਚ ਸੂਬੇ ਵਿਚ ਆਮ ਨਾਲੋਂ 198 ਪ੍ਰਤੀਸ਼ਤ ਵੱਧ ਮੀਂਹ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 6 ਦਿਨਾਂ ਤੱਕ ਪੰਜਾਬ ਵਿਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 6 ਅਤੇ 7 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ। ਜਦੋਂ ਕਿ 8 ਅਤੇ 9 ਜੁਲਾਈ ਨੂੰ ਵੀ ਕਈ ਥਾਵਾਂ ’ਤੇ ਇਸੇ ਤਰ੍ਹਾਂ ਦੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਵਿਭਾਗ ਨੇ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ, ਜਿਸ ਵਿਚ 7 ਸੈਂਟੀਮੀਟਰ ਜਾਂ ਇਸ ਤੋਂ ਵੱਧ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ, ਕੁਝ ਇਲਾਕਿਆਂ ਵਿਚ ਬਹੁਤ ਭਾਰੀ ਬਾਰਿਸ਼ ਯਾਨੀ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਨ੍ਹਾਂ ਜ਼ਿਲ੍ਹਿਆਂ ਨੂੰ ਮੀਂਹ ਸਭ ਤੋਂ ਵੱਧ ਪ੍ਰਭਾਵਿਤ ਕਰ ਸਕਦਾ ਹੈ, ਉਨ੍ਹਾਂ ਵਿਚ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਰੂਪਨਗਰ ਸ਼ਾਮਿਲ ਹਨ। ਇਨ੍ਹਾਂ ਜ਼ਿਲ੍ਹਿਆਂ ਨੂੰ ਭਾਰੀ ਬਾਰਿਸ਼ ਅਤੇ ਸੰਭਾਵੀ ਪਾਣੀ ਭਰਨ ਦੇ ਮਾਮਲੇ ਵਿਚ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਵਿਭਾਗ ਨੇ ਸਥਾਨਕ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਾਰੀ ਬਾਰਿਸ਼ ਦੌਰਾਨ ਕਿਸੇ ਵੀ ਸੰਭਾਵੀ ਨੁਕਸਾਨ ਤੋਂ ਬਚਿਆ ਜਾ ਸਕੇ।