11 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਧਨੌਲਾ ਦਾ ਲੇਖਾਕਾਰ ਕਾਬੂ

ਧਨੌਲਾ, 4 ਜੁਲਾਈ (ਜਤਿੰਦਰ ਸਿੰਘ ਧਨੋਲਾ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇਕ ਠੇਕੇਦਾਰ ਦੀ ਸ਼ਿਕਾਇਤ ਤੋਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਵਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।