JALANDHAR WEATHER

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੁੱਢੋਂ ਰੱਦ

 ਅੰਮ੍ਰਿਤਸਰ, 5 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੁੱਢੋਂ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੂੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਿਲਕੁਲ ਵੀ ਪੇਸ਼ ਨਾ ਹੋਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਦੀ ਇਕ ਮਹੱਤਵਪੂਰਨ ਇਕੱਤਰਤਾ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਇਕੱਤਰਤਾ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਨੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਨਾਲ ਸਬੰਧਤ ਗੰਭੀਰ ਮਾਮਲਿਆਂ 'ਤੇ ਚਰਚਾ ਕੀਤੀ।

ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 19 ਨਵੰਬਰ, 2003 ਨੂੰ ਜਾਰੀ ਕੀਤੇ ਗਏ ਮਤਾ ਨੰਬਰ 1 ਦੀ ਪ੍ਰੋੜ੍ਹਤਾ ਕਰਦਿਆਂ ਇਸ ਦੀ ਰੋਸ਼ਨੀ ਵਿਚ ਫੈਸਲਾ ਕੀਤਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ 21 ਮਈ, 2025 ਅਤੇ 5 ਜੁਲਾਈ, 2025 ਨੂੰ ਜਾਰੀ ਕੀਤੇ ਗਏ ਹਾਲੀਆ ਪੱਤਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੀ ਘੋਰ ਉਲੰਘਣਾ ਮੰਨਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਇਨ੍ਹਾਂ ਪੱਤਰਾਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਪੂਰਨ ਰੂਪ ਵਿਚ ਅਪ੍ਰਵਾਨ ਕੀਤਾ ਕਿਉਂਕਿ ਇਹ ਅਣਅਧਿਕਾਰਤ ਅਤੇ ਸਿੱਖ ਰਵਾਇਤ ਵਿਰੋਧੀ ਹਨ, ਜੋ ਕਿ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੇ ਹਨ। ਅੱਜ ਦੀ ਇਕੱਤਰਤਾ ਵਿਚ ਮਤਾ ਪਾਸ ਕੀਤਾ ਗਿਆ ਕਿ ਪੰਜ ਤਖ਼ਤ ਸਾਹਿਬਾਨ ਪਵਿੱਤਰ ਹਨ ਅਤੇ ਦੁਨੀਆ ਭਰ ਦੇ ਸਿੱਖਾਂ ਵਿਚ ਡੂੰਘਾ ਸਤਿਕਾਰ ਰੱਖਦੇ ਹਨ ਪਰ ਗੁਰਮਤਿ ਸਿਧਾਂਤ ਅਨੁਸਾਰ ਪੰਥਕ ਤੇ ਧਾਰਮਿਕ ਮਾਮਲਿਆਂ 'ਤੇ ਅੰਤਿਮ ਫੈਸਲਾ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੀ ਮੰਨਿਆ ਜਾਂਦਾ ਹੈ। ਬਾਕੀ ਤਖ਼ਤ ਸਾਹਿਬਾਨ ਨੂੰ ਆਪਣੇ ਸਥਾਨਕ ਮਾਮਲਿਆਂ ਉੱਤੇ ਫ਼ੈਸਲਾ ਕਰਨ ਦਾ ਅਧਿਕਾਰ ਹੈ। ਪੰਜ ਸਿੰਘ ਸਾਹਿਬਾਨ ਨੇ ਐਲਾਨ ਕੀਤਾ ਕਿ ਪੰਥ ਵਿਰੋਧੀ ਤਾਕਤਾਂ ਦੇ ਪ੍ਰਭਾਵ ਹੇਠ ਖ਼ਾਲਸਾ ਪੰਥ ਨੂੰ ਵੰਡਣ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਕਮਜ਼ੋਰ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਹਾਲ ਹੀ ਵਿਚ ਕੀਤੀਆਂ ਗਈਆਂ ਵਿਵਾਦਪੂਰਨ ਕਾਰਵਾਈਆਂ ਦਾ ਹਵਾਲਾ ਦਿੰਦੇ ਹੋਏ, ਖਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਮਾਮਲਿਆਂ ਵਿਚ, ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਲਏ ਗਏ ਫੈਸਲੇ ਗੈਰ-ਸਿਧਾਂਤਕ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਧਿਕਾਰ ਖੇਤਰ ਤੋਂ ਬਾਹਰ ਹਨ, ਇਸ ਲਈ ਇਨ੍ਹਾਂ ਫੈਸਲਿਆਂ ਨੂੰ ਪੂਰੀ ਤਰ੍ਹਾਂ ਅਪ੍ਰਵਾਨ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ