ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਬਜ਼ੁਰਗ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ) - ਅੱਜ ਸਵੇਰੇ ਕਰੀਬ 5.15 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਅਮਰ ਜੋਤ ਸਿੰਘ ਨਾਂਅ ਦੇ ਇਕ ਬਜ਼ੁਰਗ ਸ਼ਰਧਾਲੂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸ਼ਰਧਾਲੂ ਅਮਰਜੋਤ ਸਿੰਘ ਪੁੱਤਰ ਮੱਖਣ ਸਿੰਘ, ਵਾਸੀ ਸ਼ਹੀਦ ਊਧਮ ਸਿੰਘ ਨਗਰ , ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਤੇ ਉਸ ਦੀ ਉਮਰ ਕਰੀਬ 71 ਸਾਲ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਇਆ ਸੀ, ਜਿੱਥੇ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਨਜ਼ਦੀਕ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਦੁਆਰਾ ਥੜਾ ਸੈਬ ਦੇ ਭੋਰਾ ਸਾਹਿਬ ਵਿਖੇ ਇਕਦਮ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਤਾਇਨਾਤ ਸੇਵਾਦਾਰਾਂ ਵਲੋਂ ਪਹਿਲਾਂ ਗੁਰੂ ਰਾਮਦਾਸ ਡਿਸਪੈਂਸਰੀ ਤੇ ਫਿਰ ਐਂਬੂਲੈਂਸ ਰਾਹੀਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਚਾਟੀਵਿੰਡ ਚੌਂਕ ਵਿਖੇ ਪਹੁੰਚਾਇਆ ਗਿਆ। ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਉਸ ਦੀ ਮੌਤ ਹੋ ਗਈ ਹੈ।
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਉਕਤ ਸ਼ਰਧਾਲੂ ਦੀ ਪਛਾਣ ਉਸ ਦੀ ਜੇਬ ਵਿਚੋਂ ਮਿਲੇ ਆਧਾਰ ਕਾਰਡ ਤੋਂ ਹੋਈ ਹੈ।