ਪਨਬਸ ਕਾਮਿਆਂ ਵਲੋਂ ਗੇਟ ਰੈਲੀ-9, 10 ਅਤੇ 11 ਨੂੰ ਹੋਵੇਗਾ ਬੱਸਾਂ ਦਾ ਚੱਕਾ ਜਾਮ


ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਚ ਡੀਪੂ ਅੱਗੇ ਭਰਵੀਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਕਾਮਿਆਂ ਦੀਆਂ ਮੰਗਾਂ ਨੂੰ ਨਾ ਪੂਰਾ ਕਰਨ ’ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਯੂਨੀਅਨ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਿਲ ਹੋਵੇਗੀ ਅਤੇ 10 ਅਤੇ 11 ਜੁਲਾਈ ਨੂੰ ਵੀ ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ ਕੀਤੀ ਜਾਵੇਗੀ।
ਤਿੰਨ ਦਿਨ ਹੜਤਾਲ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਊਟਸੋਰਸ ਅਤੇ ਕੱਚੇ ਕਾਮਿਆਂ ਨੂੰ ਸਰਕਾਰ ਵਲੋਂ ਪੱਕਾ ਨਹੀਂ ਕੀਤਾ ਜਾ ਰਿਹਾ। ਬਹੁਤ ਘੱਟ ਤਨਖਾਹਾਂ ’ਤੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕਾਮੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਕਿਸੇ ਮੁਲਾਜ਼ਮ ਜਥੇਬੰਦੀ ਨੂੰ ਧਰਨਾ ਨਹੀਂ ਲਾਉਣਾ ਪਵੇਗਾ।
ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਪਰ ਅਜੇ ਤੱਕ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਗਿਆ, ਜਿਸ ਕਰਕੇ ਕਾਮਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।