ਲੁਧਿਆਣਾ (ਦਿਹਾਤੀ) ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ 'ਚ ਐਸ.ਐਚ.ਓ. ਜਸਵਿੰਦਰ ਸਿੰਘ ਸਨਮਾਨਿਤ

ਗੁਰੂਸਰ ਸੁਧਾਰ, 14 ਜੁਲਾਈ (ਜਗਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੀਆਂ ਹਦਾਇਤਾਂ ’ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ। ਸੀਨੀਅਰ ਕਪਤਾਨ ਪੁਲਿਸ, ਡਾ. ਅੰਕੁਰ ਗੁਪਤਾ, ਆਈ.ਪੀ.ਐਸ., ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਦੀ ਅਗਵਾਈ ਹੇਠ, ਥਾਣਾ ਸੁਧਾਰ ਦੇ ਐਸ.ਐਚ.ਓ. ਜਸਵਿੰਦਰ ਸਿੰਘ ਨੇ ਐਨ.ਡੀ.ਪੀ.ਐਸ. ਐਕਟ ਅਧੀਨ ਸ਼ਾਨਦਾਰ ਤਫਤੀਸ਼ ਅਤੇ ਵੱਧ ਰਿਕਵਰੀ ਨਾਲ ਨਸ਼ਾ ਸਮੱਗਲਰਾਂ ਵਿਰੁੱਧ ਮਹੱਤਵਪੂਰਨ ਕਾਰਵਾਈ ਕੀਤੀ।
ਉਨ੍ਹਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਜਸਵਿੰਦਰ ਸਿੰਘ ਨੂੰ ਪ੍ਰਸ਼ੰਸਾ ਪੱਤਰ (ਦਰਜਾ-ਪਹਿਲਾ) ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਦਾ ਮਕਸਦ ਤਫਤੀਸ਼ੀ ਅਫਸਰਾਂ ਦਾ ਹੌਸਲਾ ਵਧਾਉਣਾ ਅਤੇ ਹੋਰ ਪੁਲਿਸ ਕਰਮਚਾਰੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ। ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਅਜਿਹੇ ਉਪਰਾਲੇ ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ਕਰਨਗੇ ਅਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ।